ਠੇਕਾ ਮੁਲਾਜ਼ਮਾਂ ਵੱਲੋਂ ਖੰਨਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਮੁਕੰਮਲ:-ਮੋਰਚਾ ਆਗੂ
ਅਸ਼ੋਕ ਵਰਮਾ
ਬਠਿੰਡਾ,19 ਮਾਰਚ 2025: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ, ਵਰਿੰਦਰ ਸਿੰਘ ਮੋਮੀਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਕਾਰਪੋਰੇਟ-ਪੱਖੀ ਵਤੀਰੇ ਨੂੰ ਵੇਖਦਿਆਂ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਵੱਲੋਂ 21 ਮਾਰਚ ਨੂੰ ਖੰਨਾ ਦੀ ਅਨਾਜ਼ ਮੰਡੀ ਵਿੱਚ ਇੱਕ ਰੋਹ ਭਰਪੂਰ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੋਇਆ ਹੈ,ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਆਗੂਆਂ ਨੇ ਦੱਸਿਆ ਕਿ ਫਿਰ ਵੀ ਆਖਰੀ ਗੇੜ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂ ਟੀਮਾਂ ਬਣਾਕੇ ਠੇਕਾ ਮੁਲਾਜ਼ਮਾਂ ਦੇ ਘਰ-ਘਰ ਜਾਕੇ ਪਰਿਵਾਰ ਦੇ ਸਾਰੇ ਜੀਆਂ ਦੀ ਰੈਲੀ ਵਿੱਚ ਸ਼ਮੂਲੀਅਤ ਕਰਵਾਉਣ ਲਈ ਲਾਮਬੰਦ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਛੋਟੇ-ਛੋਟੇ ਬੱਚੇ ਵੀ ਖੰਨਾ ਰੈਲੀ ਦਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਮੂਹਰੇ ਹੋਕੇ ਸੁਨੇਹਾ ਵੰਡ ਰਹੇ ਹਨ।
ਸੂਬਾਈ ਆਗੂਆਂ ਕਿਹਾ ਕਿ ਭਰਾਤਰੀ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ,ਕਿਸਾਨ-ਮਜ਼ਦੂਰ ਯੂਨੀਅਨ ਫਿਰੋਜ਼ਪੁਰ,ਪੰਜਾਬ ਖੇਤ ਮਜ਼ਦੂਰ ਯੂਨੀਅਨ,ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਪੰਜਾਬ,ਖੰਨਾ ਮਜ਼ਦੂਰ ਯੂਨੀਅਨ,ਇਨਕਲਾਬੀ ਜਮਹੂਰੀ ਫਰੰਟ ਪੰਜਾਬ,ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ,ਲੋਕ ਮੋਰਚਾ ਪੰਜਾਬ ਅਤੇ ਸਟੀਲ ਮੋਲਡਰ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਖੰਨਾ ਰੈਲੀ ਲਈ ਸਮਰਥਨ ਜੁਟਾਉਣ ਦਾ ਐਲਾਨ ਕੀਤਾ ਗਿਆ ਹੈ,ਭਰਾਤਰੀ ਜਥੇਬੰਦੀਆਂ ਦਾ ਸਮਰਥਨ ਇਸ ਦੀ ਰੈਲੀ ਦੀ ਸਫਲਤਾ ਨੂੰ ਚਾਰ ਚੰਨ ਲਾਉਣ ਦਾ ਕੰਮ ਕਰੇਗਾ,"ਮੋਰਚੇ' ਦੀ ਲੀਡਰਸ਼ਿਪ ਸਹਿਯੋਗ ਲਈ ਉਕਤ ਜਥੇਬੰਦੀਆਂ ਦਾ ਧੰਨਵਾਦ ਕਰਦੀ ਹੈ,,ਮੋਰਚੇ ਦੇ ਸੂਬਾਈ ਆਗੂਆਂ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਗਿਆ ਕਿ ਸਰਕਾਰੀ ਵਿਭਾਗਾਂ ਦੇ ਨਿੱਜਕਰਨ ਦੇ ਵਿਰੋਧ ਵਜੋਂ ਖੰਨਾ ਵਿਖੇ ਕੀਤੀ ਜਾ ਰਹੀ ਇਸ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਾਕੀ ਰਹਿੰਦੇ ਦਿਨਾਂ ਵਿੱਚ ਆਪਣਾ ਪੂਰਾ ਤਾਣ ਲਾਇਆ ਜਾਵੇ ।