ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੰਮ ਕਰ ਰਹੀ ਪੰਜਾਬ ਸਰਕਾਰ: ਰਣਬੀਰ ਭੁੱਲਰ
- ਕਿਹਾ, ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੀ ਭਲਾਈ ਅਤੇ ਰਾਖਵੇਂਕਰਣ ਲਈ ਕਰ ਰਹੀ ਯੋਗ ਉਪਰਾਲੇ
ਫ਼ਿਰੋਜ਼ਪੁਰ, 16 ਅਪ੍ਰੈਲ, 2025: ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੰਮ ਕਰਨ ਦੇ ਆਧਾਰ ਤੇ ਪੰਜਾਬ ਵਿੱਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਏਨਾ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਹੈ ਅਤੇ ਖਾਸ ਤੌਰ ਤੇ ਐਸ.ਸੀ. ਭਾਈਚਾਰੇ ਲਈ ਰਾਖਵੇਕਰਣ ਸਬੰਧੀ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਅਹਿਮ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਸ.ਸੀ. ਭਾਈਚਾਰੇ ਦੀ ਭਲਾਈ ਅਤੇ ਰਾਖਵੇਂਕਰਣ ਲਈ ਵੀ ਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਪਿਛਲੀ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇੱਕ ਗੱਲ ਨੋਟਿਸ ਕੀਤੀ ਸੀ ਕਿ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਕੇ ਵਿਖਾਇਆ ਹੈ।
ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਵਕੀਲਾਂ ਦੀਆਂ ਪੋਸਟਾਂ ਲਈ ਰਾਖਵਾਂਕਰਨ ਦਿੱਤਾ ਗਿਆ ਹੈ ਜੋ ਵਕੀਲਾਂ ਦੀਆਂ ਪੋਸਟਾਂ ਵਾਸਤੇ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਐਸ.ਸੀ. ਭਾਈਚਾਰੇ ਨਾਲ ਸਬੰਧਤ ਵਕੀਲ ਸਾਹਿਬਾਨ ਨਿਆਂ ਪ੍ਰਣਾਲੀ ਦੇ ਵਿੱਚ ਸੇਵਾਵਾਂ ਪ੍ਰਦਾਨ ਕਰਨਗੇ ਅਤੇ ਉਨ੍ਹਾਂ ਦਾ ਹਾਈਕੋਰਟ ਵਿੱਚ ਜਾਣ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਇਸ ਵਿਸ਼ੇਸ਼ ਕੰਮ ਲਈ ਧੰਨਵਾਦ ਕੀਤਾ।