ਡਿਪਟੀ ਕਮਿਸ਼ਨਰ ਵੱਲੋਂ ਚਾਈਨਾ ਡੋਰ ਵਰਤਨ ਅਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ
ਅਸ਼ੋਕ ਵਰਮਾ
ਬਠਿੰਡਾ, 15 ਜਨਵਰੀ 2025 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚਾਈਨਾ ਡੋਰ ਵਰਤਨ ਵਾਲਿਆਂ ਅਤੇ ਵੇਚਣ ਵਾਲਿਆਂ ਵਿਰੁੱਧ ਦੋਸ਼ੀ ਪਾਏ ਜਾਣ ਤੇ ਉਹਨਾਂ ਨੂੰ 5 ਸਾਲ ਦੀ ਕੈਦ ਅਤੇ ਜਾਂ 1 ਲੱਖ ਰੁਪਏ ਜ਼ੁਰਮਾਨੇ ਦਾ ਪ੍ਰਾਵਧਾਨ ਹੈ।
ਉਨ੍ਹਾਂ ਕਮਿਸ਼ਨਰ ਨਗਰ ਨਿਗਮ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਤਲਵੰਡੀ ਸਾਬੋ, ਮੌੜ ਤੇ ਰਾਮਪੁਰਾ ਫੂਲ, ਜ਼ਿਲ੍ਹਾ ਵਣ ਅਫ਼ਸਰ, ਤਹਿਸੀਲਦਾਰ ਬਠਿੰਡਾ, ਮੌੜ ਤਲਵੰਡੀ ਸਾਬੋ ਤੇ ਰਾਮਪੁਰਾ ਫੂਲ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਗੋਨਿਆਣਾ, ਭੁੱਚੋ, ਰਾਮਪੁਰਾ ਫੂਲ, ਮੌੜ, ਕੋਟਫੱਤਾ, ਤਲਵੰਡੀ ਸਾਬੋ, ਸੰਗਤ ਅਤੇ ਰਾਮਾਂਮੰਡੀ, ਭਗਤਾ, ਮਹਿਰਾਜ, ਨਥਾਣਾ, ਭਾਈਰੂਪਾ, ਕੋਟਸ਼ਮੀਰ, ਲਹਿਰਾ ਮੁਹੱਬਤ, ਕੋਠਾ ਗੁਰੂ ਅਤੇ ਮਲੂਕਾ ਨਾਲ ਸਬੰਧਤ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਆਪੋ-ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਨੂੰ ਸਟੋਰ ਕਰਦਾ ਜਾਂ ਵੇਚਦਾ ਅਤੇ ਕੋਈ ਵਿਅਕਤੀ ਇਸ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਹਦਾਇਤਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਕੇਵਲ ਧਾਗਾ ਡੋਰ ਹੀ ਸਟੋਰ ਕਰਨ ਜਾਂ ਵੇਚਣ ਅਤੇ ਲੋਕਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਜਿਨ੍ਹਾਂ ਬੱਚਿਆਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਉਹਨਾਂ ਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।