ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਯੂਥ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 16 ਅਪ੍ਰੈਲ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਲੀ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਨਤੀਜ਼ੇ ਵੀ ਸਾਹਮਣੇ ਆ ਰਹੇ ਹਨ, ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਯੂਥ ਸੰਪਰਕ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 8 ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਦੇ ਨੌਜਵਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨੌਜਵਾਨਾਂ ਦੇ ਸੁਝਾਅ ਲੈ ਕੇ ਨੌਜਵਾਨਾਂ ਦੀਆਂ ਜ਼ਰੂਰਤਾਂ ਅਨੁਸਾਰ ਲਾਇਬ੍ਰੇਰੀਆਂ, ਖੇਡ ਮੈਦਾਨ, ਸਕਿੱਲ ਕੋਰਸ ਤੇ ਖੇਡ ਸਮਾਨ ਆਦਿ ਮੁਹੱਈਆ ਕਰਵਾਇਆ ਜਾਵੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਹਰ ਹਫਤੇ ਜ਼ਿਲ੍ਹੇ ਦੇ 5-5 ਪਿੰਡਾਂ ਅਤੇ ਸ਼ਹਿਰ ਦੇ 5-5 ਵਾਰਡਾਂ ਚ ਸਾਂਝੇ ਤੌਰ ਤੇ ਸਮਾਗਮ ਕਰਕੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ, ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਆਦਿ ਨੂੰ ਨਾਲ ਜੋੜਿਆ ਜਾਵੇ। ਇਸ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮਾਂ ਦੇ ਨਾਲ-ਨਾਲ ਨੁਕੜ ਨਾਟਕ, ਬਾਲ ਪੇਟਿੰਗ, ਪ੍ਰਤੀ ਯੋਗਤਾ ਮੁਕਾਬਲਿਆਂ ਤੋਂ ਇਲਾਵਾ ਮੈਰਾਥਨ ਅਤੇ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ ਕੁਮਾਰ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।