ਡੀ..ਸੀ ਦਫ਼ਤਰ ਆਉਣ ਵਾਲਿਆਂ ਦਾ ਗਰਮ ਚਾਹ ਅਤੇ ਬਿਸਕੁਟਾਂ ਨਾਲ ਹੋ ਰਿਹੈ ਸਵਾਗਤ
-ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਅਹਿਮ ਉਪਰਾਲਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 8 ਜਨਵਰੀ,2025 - ਇਸ ਵੇਲੇ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਰੈੱਡ ਕ੍ਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਕ ਅਹਿਮ ਉਪਰਾਲਾ ਕਰਦਿਆਂ ਡੀ.ਸੀ ਦਫ਼ਤਰ ਆਉਣ ਵਾਲੇ ਲੋਕਾਂ ਦਾ ਸਵਾਗਤ ਗਰਮ ਚਾਹ ਅਤੇ ਬਿਸਕੁਟਾਂ ਨਾਲ ਕੀਤਾ ਜਾ ਰਿਹਾ ਹੈ। ਇਸ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪਿਛਲੇ ਦੋ ਦਿਨਾਂ ਤੋਂ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ ਹੈ। ਸ਼ਹਿਰ ਵਾਸੀਆਂ ਵੱਲੋਂ ਇਸ ਨੇਕ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕ੍ਰਾਸ ਸੁਸਾਇਟੀ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੀਤ ਲਹਿਰ ਦੇ ਚਲਦਿਆਂ ਇਸ ਸਮੇਂ ਪਾਰਾ ਬੇਹੱਦ ਹੇਠਾਂ ਡਿੱਗ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ ਵਿਖੇ ਆਪਣੇ ਕੰਮਕਾਜ਼ ਲਈ ਆਉਣ ਵਾਲੇ ਲੋਕਾਂ ਅਤੇ ਆਮ ਰਾਹਗੀਰਾਂ ਨੂੰ ਇਸ ਹੱਡ ਚੀਰਵੀਂ ਠੰਢ ਤੋਂ ਕੁਝ ਨਿਜ਼ਾਤ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਠੰਢ ਤੋਂ ਬਚਾ ਲਈ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਬਜ਼ੁਰਗਾਂ, ਬਿਮਾਰਾਂ ਅਤੇ ਬੱਚਿਆਂ ਦਾ ਇਸ ਮੌਸਮ ਵਿਚ ਖਾਸ ਧਿਆਨ ਰੱਖਣ।