ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ : ਸਿਵਲ ਸਰਜਨ
ਹਰਜਿੰਦਰ ਸਿੰਘ ਭੱਟੀ
- ਮੀਟਿੰਗ ਵਿਚ ਹੈਲਥ ਸੁਪਰਵਾਇਜ਼ਰਾਂ ਨੂੰ ਦਿਤੀਆਂ ਹਦਾਇਤਾਂ
- ਕਿਸੇ ਵੀ ਥਾਂ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 6 ਮਈ 2025 - ਜ਼ਿਲ੍ਹਾ ਸਿਹਤ ਵਿਭਾਗ, ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿਥੇ ਸਿਹਤ ਕਾਮਿਆਂ ਵਲੋਂ ਘਰ-ਘਰ ਜਾ ਕੇ ਕੰਟੇਨਰ ਸਰਵੇਖਣ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਜਾਗਰੂਕ ਕਰਨ ਦਾ ਵੀ ਕੰਮ ਵੀ ਨਾਲੋ-ਨਾਲ ਚੱਲ ਰਿਹਾ ਹੈ।
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਿਹਤ ਸੁਪਰਵਾਇਜ਼ਰਾਂ ਅਤੇ ਸਿਹਤ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਹਦਾਇਤਾਂ ਦਿਤੀਆਂ ਜਾ ਰਹੀਆਂ ਹਨ ਕਿ ਸਾਰੇ ਜ਼ਿਲ੍ਹੇ ਖ਼ਾਸਕਰ ਡੇਂਗੂ ਲਾਰਵਾ ਪੈਦਾ ਹੋਣ ਦੀਆਂ ਸੰਭਾਵਨਾਵਾਂ ਵਾਲੇ ਖੇਤਰਾਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ "ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਲਈ ਲੋਕਾਂ ਦਾ ਸਹਿਯ’ਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਂਜ ਤਾਂ ਡੇਂਗੂ ਬੁਖ਼ਾਰ ਵਾਲਾ ਮੱਛਰ ਕਿਸੇ ਵੀ ਸਮੇਂ ਪੈਦਾ ਹੋ ਸਕਦਾ ਹੈ ਪਰ ਡੇਂਗੂ ਦਾ ਸੀਜ਼ਨ ਆਮ ਤੌਰ ਤੇ ਜੁਲਾਈ ਤੋਂ ਨਵੰਬਰ ਤਕ ਮੰਨਿਆ ਜਾਂਦਾ ਹੈ। ਡੇਂਗੂ ਦੇ ਆਮ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਡੇਂਗੂ ਬੁਖ਼ਾਰ ਦੇ ਆਮ ਲੱਛਣ ਹਨ। ਇਸ ਤਰ੍ਹਾਂ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਵਿਚ ਜਾ ਕੇ ਡਾਕਟਰ ਕੋਲੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।
ਉਨ੍ਹਾਂ ਸਾਵਧਾਨੀਆਂ ਦੱਸਦਿਆਂ ਕਿਹਾ ਕਿ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖ਼ਾਲੀ ਕਰ ਕੇ ਸੁਕਾਓ। ਹਰ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ। ਘਰਾਂ ਦੇ ਆਲੇ ਦੁਆਲੇ ਫੁੱਲਾਂ ਦੇ ਗਮਲਿਆਂ ਅਤੇ ਟੁੱਟੇ ਭੱਜੇ ਭਾਂਡਿਆਂ ਆਦਿ ਵਿਚ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਾਓ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿਚ ਤੁਰਤ ਨੇੜਲੇ ਹਸਪਤਾਲੇਡਿਸਪੈਂਸਰੀ ਆਦਿ ਵਿਚ ਜਾ ਕੇ ਮੁਆਇਨਾ ਕਰਵਾਓ।