ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪੀੜਤਾਂ ਦਾ ਦਰਦ ਸੁਣਨ ਪਹੁੰਚੇ ਰਾਹੁਲ ਗਾਂਧੀ
ਬਾਂਸ ਦੇ ਬਣੇ ਮੰਜਿਆਂ 'ਤੇ ਬੈਠ ਕੇ ਦੇਸੀ ਤਰੀਕੇ ਨਾਲ ਗੱਲਬਾਤ ਕੀਤੀ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ , 15 ਸਤੰਬਰ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨਾਲ ਡੇਰਾ ਬਾਬਾ ਨਾਨਕ ਦੇ ਪਿੰਡ ਗੁਰਚੱਕ ਪਹੁੰਚੇ। ਇੱਥੇ ਉਨ੍ਹਾਂ ਨੇ ਕਰੀਬ 30 ਮਿੰਟ ਤੱਕ ਰੁਕ ਕੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ।
ਇਸ ਮੁਲਾਕਾਤ ਦੀ ਖਾਸ ਗੱਲ ਇਹ ਸੀ ਕਿ ਰਾਹੁਲ ਗਾਂਧੀ ਨੇ ਪਿੰਡ ਵਾਸੀਆਂ ਨਾਲ ਬਾਂਸ ਦੇ ਬਣੇ ਮੰਜਿਆਂ 'ਤੇ ਬੈਠ ਕੇ ਦੇਸੀ ਤਰੀਕੇ ਨਾਲ ਗੱਲਬਾਤ ਕੀਤੀ। ਪਿੰਡ ਵਾਸੀਆਂ ਨੇ ਰਾਹੁਲ ਗਾਂਧੀ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ। ਉਨ੍ਹਾਂ ਨੇ ਦੱਸਿਆ ਕਿ ਹਰ ਸਾਲ ਹੜ੍ਹਾਂ ਕਾਰਨ ਉਨ੍ਹਾਂ ਦੀਆਂ ਜ਼ਮੀਨਾਂ ਦਰਿਆ ਵਿੱਚ ਰੁੜ੍ਹ ਜਾਂਦੀਆਂ ਹਨ ਅਤੇ ਬੰਨ੍ਹ ਟੁੱਟ ਜਾਂਦੇ ਹਨ, ਪਰ ਉਨ੍ਹਾਂ ਨੂੰ ਕੋਈ ਢੁਕਵਾਂ ਮੁਆਵਜ਼ਾ ਨਹੀਂ ਮਿਲਦਾ।
ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਟੀਮ ਨੂੰ ਸਾਰੇ ਮੁੱਦਿਆਂ ਦੀ ਇੱਕ ਲਿਸਟ ਬਣਾਉਣ ਲਈ ਕਿਹਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਇਹ ਮੁੱਦੇ ਲੋਕ ਸਭਾ ਵਿੱਚ ਚੁੱਕਣਗੇ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਕਾਂਗਰਸ ਦੀ ਸਰਕਾਰ ਆਉਣ 'ਤੇ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਦੌਰੇ ਨਾਲ ਸਥਾਨਕ ਲੋਕਾਂ ਵਿੱਚ ਉਮੀਦ ਦੀ ਕਿਰਨ ਜਾਗੀ ਹੈ।