ਤਰਨ ਤਾਰਨ: ਸਭਰਾਂ ਦੇ ਬਿਜਲੀ ਘਰ ਵਿਖੇ ਕਿਸਾਨਾਂ ਵੱਲੋਂ ਧਰਨਾ
ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ
ਬਲਜੀਤ ਸਿੰਘ
ਪੱਟੀ (ਤਰਨ ਤਾਰਨ) 1 ਜੂਨ, 2026
ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਦੇ ਬਿਜਲੀ ਘਰ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ), ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਕੱਤਰ ਹੋ ਕੇ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ। ਝੋਨੇ ਦੀ ਲਵਾਈ ਦਾ ਸੀਜ਼ਨ ਬਿਲਕੁਲ ਨਜ਼ਦੀਕ ਹੋਣ ਦੇ ਬਾਵਜੂਦ ਖੇਤਾਂ ਵਿੱਚ ਬਿਜਲੀ ਦੇ ਪ੍ਰਬੰਧ ਮੁਕੰਮਲ ਨਾ ਹੋਣ ਕਾਰਨ ਕਿਸਾਨਾਂ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਪ੍ਰਤੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਬਿਜਲੀ ਮਹਿਕਮੇ 'ਤੇ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਾ ਨਿਭਾਉਣ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਤਿੱਖੀ ਨਾਅਰੇਬਾਜ਼ੀ ਕੀਤੀ।
ਮੌਕੇ 'ਤੇ ਹਾਜ਼ਰ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਸਭਰਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪੱਟੀ ਪ੍ਰਧਾਨ ਸੋਹਣ ਸਿੰਘ ਸਭਰਾਂ ਅਤੇ ਕਿਸਾਨ ਆਗੂ ਸਤਨਾਮ ਸਿੰਘ ਯੋਧੂ ਕੇ ਸਭਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ ਕਿ ਖੇਤਾਂ ਵਿੱਚ ਲੱਗੀਆਂ ਤਾਰਾਂ ਕਈ ਸਾਲ ਪੁਰਾਣੀਆਂ ਤੇ ਬੇਹੱਦ ਕਮਜ਼ੋਰ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਬਹੁਤ ਸਾਰੇ ਬਿਜਲੀ ਦੇ ਖੰਭੇ ਵੀ ਟੁੱਟਣ ਕਿਨਾਰੇ ਹਨ ਅਤੇ ਤਾਰਾਂ ਢਿੱਲੀਆਂ ਹੋ ਕੇ ਲਟਕ ਰਹੀਆਂ ਹਨ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਨੁਕਸਦਾਰ ਤਾਰਾਂ ਕਾਰਨ ਖੇਤਾਂ ਵਿੱਚ ਬਿਜਲੀ ਸਪਲਾਈ ਠੀਕ ਤਰ੍ਹਾਂ ਨਹੀਂ ਪਹੁੰਚ ਰਹੀ ਅਤੇ ਰੋਜ਼ਾਨਾ ਵੱਡੇ-ਵੱਡੇ ਕੱਟ ਲੱਗ ਰਹੇ ਹਨ। ਜੇਕਰ ਕਿਸੇ ਲਾਈਨ ਵਿੱਚ ਕੋਈ ਫਾਲਟ ਪੈ ਜਾਂਦਾ ਹੈ, ਤਾਂ ਵਿਭਾਗ ਦੇ ਮੁਲਾਜ਼ਮ ਕਈ-ਕਈ ਦਿਨ ਉਸ ਨੂੰ ਠੀਕ ਕਰਨ ਨਹੀਂ ਪਹੁੰਚਦੇ, ਜਿਸ ਕਾਰਨ ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਕਿਸਾਨਾਂ ਨੂੰ ਫਸਲ ਪਾਲਣ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਜੁਮਲੇਬਾਜ਼ੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਘਰਾਂ ਵਿੱਚ ਮੁਲਾਜ਼ਮਾਂ ਦੀ ਨਵੀਂ ਭਰਤੀ ਕਰਕੇ ਉਨ੍ਹਾਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਸੀਜ਼ਨ ਦੌਰਾਨ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋ ਸਕੇ, ਪਰ ਸਰਕਾਰ ਮੁਲਾਜ਼ਮ ਵਧਾਉਣ ਦੀ ਬਜਾਏ ਲਗਾਤਾਰ ਘਟਾ ਰਹੀ ਹੈ, ਜਿਸ ਦਾ ਖ਼ਾਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਵੀ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਐਮਐਸਪੀ (MSP) 'ਤੇ ਕਣਕ ਚੁੱਕਣ ਦਾ ਵਾਅਦਾ ਤਾਂ ਕੀਤਾ ਗਿਆ ਸੀ, ਪਰ ਅੱਜ ਤੱਕ ਕਈ ਕਿਸਾਨਾਂ ਨੂੰ ਕਣਕ ਦੀ ਫਸਲ ਦਾ ਪੈਸਾ ਨਹੀਂ ਮਿਲਿਆ ਹੈ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਵਿਭਾਗ ਨੇ ਜਲਦੀ ਹੀ ਢਿੱਲੀਆਂ ਤਾਰਾਂ ਅਤੇ ਖੰਭਿਆਂ ਨੂੰ ਦਰੁਸਤ ਨਾ ਕੀਤਾ ਅਤੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪੂਰੇ ਪੰਜਾਬ ਅੰਦਰ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।
- Download Babushahi App
-
-