ਦੁਬਈ: ਮੌਤ ਤੋਂ 2 ਮਹੀਨਿਆਂ ਬਾਅਦ ਭਾਰਤ ਪਹੁੰਚਿਆ ਬਟਾਲਾ ਦੇ ਗੁਰਪ੍ਰੀਤ ਦਾ ਮ੍ਰਿਤਕ ਸਰੀਰ
ਸਰਬੱਤ ਦਾ ਭਲਾ ਟਰੱਸਟ ਦੀ ਐਬੂਲੈਂਸ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ
ਮ੍ਰਿਤਕ ਦੀ ਪਤਨੀ ਤੇ ਬਜ਼ੁਰਗ ਮਾਂ ਨੂੰ ਦੇਵਾਂਗੇ ਮਹੀਨਾਵਾਰ ਪੈਨਸ਼ਨ : ਡਾ.ਓਬਰਾਏ
ਅੰਮ੍ਰਿਤਸਰ,29 ਅਪ੍ਰੈਲ 2025- ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਿਤ 49 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਵੱਸਣ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਪ੍ਰੀਤ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ ਕੁਝ ਸਾਲਾਂ ਤੋਂ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਿਕ ਬੀਤੀ 1 ਮਾਰਚ ਤੋਂ ਗੁਰਪ੍ਰੀਤ ਨਾਲ ਉਨ੍ਹਾਂ ਦਾ ਸੰਪਰਕ ਟੁੱਟ ਗਿਆ ਸੀ ਅਤੇ ਉਨ੍ਹਾਂ ਨੇ ਦੁਬਈ ਵਿਖੇ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਇਲਾਵਾ ਉਸਦੇ ਦੋਸਤਾਂ ਰਾਹੀਂ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬਦਕਿਸਮਤੀ ਨਾਲ ਬੀਤੀ 23 ਅਪ੍ਰੈਲ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਨੇ ਗੁੰਮ ਹੋਣ ਤੋਂ ਅਗਲੇ ਹੀ ਦਿਨ ਭਾਵ 2 ਮਾਰਚ ਨੂੰ ਆਤਮ ਹੱਤਿਆ ਕਰ ਲਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਰਾਹੀਂ ਜਿੱਥੇ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ 'ਚ ਪਰਿਵਾਰ ਦੀ ਮਦਦ ਕੀਤੀ ਉੱਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੇ ਉਸਦਾ ਮ੍ਰਿਤਕ ਸਰੀਰ ਪਹੁੰਚਣ ਉਪਰੰਤ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਵੱਲੋਂ ਪੀੜਤ ਪਰਿਵਾਰ ਦੀ ਦੱਸੀ ਗਈ ਆਰਥਿਕ ਹਾਲਤ ਮੁਤਾਬਿਕ ਉਨ੍ਹਾਂ ਵੱਲੋਂ ਗੁਰਪ੍ਰੀਤ ਦੀ ਪਤਨੀ ਅਤੇ ਬਜ਼ੁਰਗ ਵਿਧਵਾ ਮਾਤਾ ਨੂੰ ਘਰ ਦੇ ਗੁਜ਼ਾਰੇ ਲਈ ਕ੍ਰਮਵਾਰ 2500-2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੱਸਟ ਵੱਲੋਂ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 410 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਗੁਰਪ੍ਰੀਤ ਦੀ ਮ੍ਰਿਤਕ ਦੇਹ ਨਾਲ ਦੁਬਈ ਤੋਂ ਪਹੁੰਚੇ ਉਸ ਦੇ ਜੀਜਾ ਨਰਿੰਦਰ ਸਿੰਘ ਤੋਂ ਇਲਾਵਾ ਉਸਦੇ ਭਰਾ ਸ਼ੁਭਪ੍ਰੀਤ ਸਿੰਘ,ਰਾਣਾ ਪ੍ਰਤਾਪ ਸਿੰਘ,ਤੇਜਿੰਦਰ ਸਿੰਘ, ਅਮਰਦੀਪ ਸਿੰਘ ਤੇ ਜ਼ੋਰਾਵਰ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਦੀ ਇਸ ਔਖੀ ਘੜੀ ਵੇਲੇ ਕੀਤੀ ਗਈ ਵੱਡੀ ਮਦਦ ਨੂੰ ਉਹ ਹਮੇਸ਼ਾ ਹੀ ਯਾਦ ਰੱਖਣਗੇ।