ਦੋ ਦਰਜਨ ਜਥੇਬੰਦੀਆਂ ਵੱਲੋਂ ਜਿਉਂਦ ਜ਼ਮੀਨੀ ਸੰਘਰਸ਼ ਨੂੰ ਹਮਾਇਤ ਦਾ ਐਲਾਨ
- 13 ਫਰਵਰੀ ਨੂੰ ਜਿਉਂਦ ਚ ਹੋਵੇਗੀ " ਜ਼ਮੀਨੀ ਸੰਗਰਾਮ ਕਾਨਫਰੰਸ
ਅਸ਼ੋਕ ਵਰਮਾ
ਰਾਮਪੁਰਾ ਫੂਲ ,29 ਜਨਵਰੀ 2025: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿੰਡ ਜਿਉਂਦ ਵਿਖੇ 20 ਫਰਵਰੀ ਤੋਂ ਲੱਗੇ ਜ਼ਮੀਨ ਬਚਾਓ ਮੋਰਚੇ ਨੂੰ ਅੱਜ਼ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਜਿਉਂਦ ਚ ਕਿਸਾਨਾਂ, ਮਜ਼ਦੂਰਾਂ, ਠੇਕਾ ਕਾਮਿਆਂ ,ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀਆਂ ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਵਿੱਚ ਇਸ ਮੋਰਚੇ ਨੂੰ ਡਟਵੀਂ ਹਮਾਇਤ ਦੇਣ ਦਾ ਫੈਸਲਾ ਕਰਦਿਆਂ 13 ਫਰਵਰੀ ਦੀ "ਜ਼ਮੀਨੀ ਸੰਗਰਾਮ ਕਾਨਫਰੰਸ" ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਪਿੰਡ ਜਿਉਂਦ ਵਿਖੇ ਇੱਕ ਸਦੀ ਤੋਂ ਵੱਧ ਸਮੇਂ ਤੋਂ ਜ਼ਮੀਨਾਂ 'ਤੇ ਕਾਬਜ਼ ਜੱਦੀ ਪੁਸ਼ਤੀ ਕਾਸ਼ਤਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਭਾਰੀ ਪੁਲਿਸ ਨਫ਼ਰੀ ਵੱਲੋਂ ਧੱਕੇ ਨਾਲ ਇਨ੍ਹਾਂ ਜ਼ਮੀਨਾਂ 'ਤੇ ਕਬਜ਼ੇ ਦਾ ਵਿਰੋਧ ਕਰਦੇ ਕਿਸਾਨ ਆਗੂਆਂ ਤੇ ਕਿਸਾਨਾਂ ਉਤੇ ਸੰਗੀਨ ਧਾਰਾਵਾਂ ਤਹਿਤ ਦਰਜ ਮੁਕੱਦਮੇ ਰੱਦ ਕਰਨ ਆਦਿ ਮੰਗਾਂ ਦੀ ਹਮਾਇਤ ਚ ਸੱਦੀ ਗਈ ਇਸ ਮੀਟਿੰਗ ਵਿੱਚ ਸ਼ਾਮਲ ਸਭਨਾਂ ਜਥੇਬੰਦੀਆਂ ਦੇ ਆਗੂਆਂ ਨੇ ਇੱਕਸੁਰ ਹੋ ਕੇ ਆਖਿਆ ਕਿ ਪੰਜਾਬ ਤੇ ਕੇਂਦਰ ਸਰਕਾਰਾਂ ਵੱਲੋਂ ਵੱਖ ਵੱਖ ਬਹਾਨਿਆਂ ਹੇਠ ਗਰੀਬ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਵਿੱਢੇ ਵਿਆਪਕ ਹਮਲੇ ਤਹਿਤ ਹੀ ਜਿਉਂਦ ਦੇ ਕਿਸਾਨਾਂ ਮਜ਼ਦੂਰਾਂ ਤੇ ਹੱਲਾ ਬੋਲਿਆ ਗਿਆ ਹੈ, ਜਿਸਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਮੁਜ਼ਾਰੇ ਕਿਸਾਨਾਂ ਦੀਆਂ ਜ਼ਮੀਨਾਂ ਉਤੇ ਕਿਸੇ ਨੂੰ ਵੀ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਬਜ਼ੇ ਹੇਠਲੀ ਪੂਰੀ ਜ਼ਮੀਨ ਦੇ ਮਾਲਕੀ ਹੱਕ ਦਿਵਾਏ ਜਾਣਗੇ। ਇਸ ਮੌਕੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਜਾਰਿਆਂ ਨੂੰ ਮਾਲਕੀ ਹੱਕ ਦੇਣ ਲਈ ਫੁਰਮਾਨੇ ਸ਼ਾਹੀ ਨੰਬਰ 6 ਮਿਤੀ 11/3/1947 ਦੀ ਅੰਸ਼ਕ ਸੋਧ ਵਜੋਂ ਜ਼ਾਰੀ ਨੋਟੀਫਿਕੇਸ਼ਨ 1948 ਉੱਪਰ ਅਮਲਦਾਰੀ ਯਕੀਨੀਂ ਬਨਾਉਣ ਲਈ ਲੋੜੀਂਦੀ ਸੋਧ ਵਾਲ਼ਾ ਨਵਾਂ ਕਾਨੂੰਨ ਲਿਆਂਦਾ ਜਾਵੇ ,ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਚ ਕੀਤੀ ਜਾਵੇ, ਕੇਂਦਰ ਸਰਕਾਰ ਵੱਲੋਂ ਭੇਜਿਆ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਵਿਧਾਨ ਸਭਾ ਦਾ ਸੈਸ਼ਨ ਬੁਲਾਕੇ ਰੱਦ ਕੀਤਾ ਜਾਵੇ।
ਅੱਜ ਦੀ ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ, ਪੰਜਾਬ ਕਿਸਾਨ ਯੂਨੀਅਨ ਦੇ ਮੁੱਖ ਆਗੂ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ )ਦੇ ਆਗੂ ਹਰਵਿੰਦਰ ਸਿੰਘ ਕੋਟਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ, ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਘੁੱਗ ਸ਼ੋਰ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੁਰਪ੍ਰੀਤ ਸਿੰਘ ਰੂੜੇਕੇ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜਗਤਾਰ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਬਿੰਦਰ ਸਿੰਘ, ਮਜ਼ਦੂਰ ਮੁਕਤੀ ਮੋਰਚਾ ਅਜ਼ਾਦ ਦੇ ਹਰਵਿੰਦਰ ਸਿੰਘ ਸੇਮਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਜੀਤ ਸਿੰਘ, ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ ਹਾਕਮ ਸਿੰਘ ਧਨੇਠਾ, ਪਾਵਰ ਕੌਂਮ ਐਂਡ ਟਰਾਂਸਟਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂ ਬਲਿਹਾਰ ਸਿੰਘ,ਜੀ ਐਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ ਅਜ਼ਾਦ ਦੇ ਆਗੂ ਜਗਸੀਰ ਸਿੰਘ ਭੰਗੂ, ਵੇਰਕਾ ਮਿਲਕ ਐਂਡ ਕੈਟਲ ਫੀਡ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਅਮਨਦੀਪ ਸਿੰਘ, ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਮੁਲਾਜ਼ਮ ਯੂਨੀਅਨ ਦੇ ਗੁਰਵਿੰਦਰ ਸਿੰਘ ਪੰਨੂ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਆਗੂ ਧੰਨਾ ਮੱਲ ਗੋਇਲ, ਪੀ ਡਬਲਿਊ ਡੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂ ਗੁਰਪ੍ਰੀਤ ਸਿੰਘ, ਪਲਸ ਮੰਚ ਦੇ ਆਗੂ ਜਗਸੀਰ ਜੀਦਾ ਆਦਿ ਹਾਜ਼ਰ ਸਨ।