ਨਗਰ ਕੌਂਸਲ ਪ੍ਰਧਾਨ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਮੁਸ਼ਕਿਲਾਂ ਦੀ ਜਾਣਕਾਰੀ ਹਾਸਿਲ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ, 17 ਅਪ੍ਰੈਲ 2025 - ਸ਼ਹਿਰ ਦੇ ਵਾਰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਲਈ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਨਗਰ ਕੌਂਸਲ ਗੁਰਦਾਸਪੁਰ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਈਓ ਸਮੇਤ ਨਗਰ ਕੌਂਸਲ ਦੇ ਕਰਮਚਾਰੀ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਸ਼ਾਮਲ ਹੋਏ।
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਮੀਟਿੰਗ ਵਿੱਚ ਵੱਖ-ਵੱਖ ਵਾਰਡਾਂ ਦੀਆਂ ਮੁਸ਼ਕਿਲਾਂ ਬਾਰੇ ਕੌਂਸਲਰਾਂ ਕੋਲੋਂ ਜਾਣਕਾਰੀ ਹਾਸਿਲ ਕੀਤੀ ਗਈ। ਨਾਲ ਹੀ, ਭਰੋਸਾ ਦਿੱਤਾ ਗਿਆ ਹੈ ਕਿ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਗੁਰਦਾਸਪੁਰ ਦੀ ਡਿਵੈਲਪਮੈਂਟ ਲਈ ਕਈ ਨਵੇਂ ਪ੍ਰੋਜੈਕਟ ਸ਼ਾਮਲ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਆਪਣਾ ਕੰਮ ਬਾਖੂਬੀ ਨਿਭਾ ਰਹੇ ਹਨ। ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਕੂੜਾ-ਕਰਕਟ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੂੜਾ-ਕਰਕਟ ਗਲੀਆਂ ਜਾਂ ਨਾਲੀਆਂ ਵਿੱਚ ਸੁੱਟਣ ਦੀ ਬਜਾਏ ਮੁਹੱਲਿਆਂ ਵਿੱਚ ਆਉਣ ਵਾਲੇ ਸਫਾਈ ਕਰਮਚਾਰੀਆਂ ਨੂੰ ਸੌਂਪਣ।