ਨਗਰ ਨਿਗਮ ਚੋਣਾਂ ਨੂੰ ਲੈ ਕੇ ਬਟਾਲਾ ਪੁਲਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ: ਡਾ. ਮਹਿਤਾਬ ਸਿੰਘ
ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਬਟਾਲਾ ਪੁਲਸ ਨੇ ਕੱਢਿਆ ਫਲੈਗ ਮਾਰਚ
ਰੋਹਿਤ ਗੁਪਤਾ
ਬਟਾਲਾ, 21 ਮਈ 2026- ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਬਟਾਲਾ ਪੁਲਸ ਵਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਬਟਾਲਾ ਪੁਲਸ ਵਲੋਂ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਐੱਸ.ਐੱਸ.ਪੀ ਦਫਤਰ ਵਿਖੇ ਸਮਾਪਤ ਹੋਇਆ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰਦੇ ਹੋਏ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜੇਕਰ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਪੁਲਸ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਤਾਂ ਜੋ ਉਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਨਗਰ ਨਿਗਮ ਚੋਣਾਂ ਪੂਰੇ ਅਮਨ ਅਮਾਨ ਨਾਲ ਚੇਪੜੇ ਚਾੜੀਆਂ ਜਾਣੀਆਂ।
ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ ਡੀ ਸੰਦੀਪ ਵਡੇਹਰਾ, ਡੀ.ਐੱਸ.ਪੀ ਰਮਨਦੀਪ ਸਿੰਘ, ਡੀ.ਐੱਸ.ਪੀ ਤੇਜਿੰਦਰਪਾਲ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਇੰਸਪੈਕਟਰ ਸੁਖਰਾਜ ਸਿੰਘ, ਐੱਸ.ਐੱਚ.ਓ ਸੁਖਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਹਾਜ਼ਰ ਸਨ।
- Download Babushahi App
-
-