ਨਵਾਂ ਸ਼ਹਿਰ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 29 ਅਕਤੂਬਰ 2025- ਪੰਜਾਬ ਸਰਕਾਰ ਵੱਲੋਂ ਖੇਤਾਂ ’ਚ ਫਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਨਾ ਸਾੜਨ ਲਈ ਕੀਤੇ ਜਾ ਰਹੇ ਜਾਗਰੂਕਤਾ ਉਪਰਾਲਿਆਂ ਦੀ ਲੜੀ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡ ਗੜ੍ਹਪਧਾਣਾ, ਗੜੁੱਪੜ, ਅਤੇ ਉੜਾਪੜ ਵਿਖੇ ਕਿਸਾਨਾਂ ਨੂੰ ਵਾਤਾਵਰਣ ਅਤੇ ਮਨੁੱਖੀ ਸਿਹਤ ਦੇ ਸੰਦਰਭ ਵਿੱਚ ਪਰਾਲੀ ਅਤੇ ਨਾੜ ਦੇ ਖੇਤਾਂ ਵਿੱਚ ਹੀ ਪ੍ਰਬੰਧਨ ਦੀ ਅਪੀਲ ਕੀਤੀ ਗਈ।
ਐਸ.ਡੀ.ਐਮ. ਅਨਮਜਯੋਤ ਕੌਰ, ਡੀ.ਐਸ.ਪੀ. ਰਾਜ ਕੁਮਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਦੇ ਮੋਹਤਬਰਾਂ ਦੀ ਮੋਜੂਦਗੀ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਤੋਂ ਜਾਣੂ ਕਰਵਾਇਆ । ਐਸ.ਡੀ.ਐਮ ਅਨਮਜਯੋਤ ਕੌਰ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉੱਥੇ ਨਾਲ ਹੀ ਮਿੱਤਰ ਕੀੜਿਆਂ, ਮਿੱਟੀ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਰਾਹੀਂ ਵੱਖ-ਵੱਖ ਮਸ਼ੀਨਾਂ ਉਪਲਬਧ ਕਰਵਾਇਆਂ ਜਾ ਰਹੀਆਂ ਹਨ ਤਾਂ ਜੋ ਨਾੜ ਆਦਿ ਦਾ ਵਧੀਆ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਐਸ.ਡੀ.ਐਮ. ਨੇ ਦੱਸਿਆ ਕਿ ਪਰਾਲੀ ਸਾੜ੍ਹਨ ਨਾਲ ਵਾਤਾਵਰਣ ਦੂਸ਼ਿਤ ਹੋਣ ਤੋਂ ਇਲਾਵਾ ਲੋਕਾਂ ਲਈ ਸਿਹਤ ਸਮੱਸਿਆਵਾਂ ਵੀ ਪੈਦਾ ਕਰਦਾ ਹੈ ਜਿਸ ਦੇ ਮੱਦੇਨਜਰ ਸਾਰਿਆਂ ਨੂੰ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾੜੇ ਰੁਝਾਨ ਨੂੰ ਬੰਦ ਕਰਨਾ ਚਾਹੀਦਾ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੈਟਾਲਾਈਟ ਸਿਸਟਮ ਰਾਹੀਂ ਸਟੱਬਲ ਬਰਨਿੰਗ ਸਾਈਟ ਸਾਹਮਣੇ ਆਉਂਦੀ ਹੈ ਤਾਂ ਉਸਦੀ ਯੋਗ ਪ੍ਰਣਾਲੀ ਰਾਹੀਂ ਇੰਸਪੈਕਸ਼ਨ ਕਰਨ ਉਪਰੰਤ ਹਦਾਇਤਾਂ ਮੁਤਾਬਕ ਰੈਡ ਐਂਟਰੀ, ਜੁਰਮਾਨਾ, ਅਤੇ ਐਫ.ਆਈ.ਆਰ. ਦਰਜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਸਬੰਧੀ ਆਪਣੇ ਇਲਾਕੇ ਦੇ ਸਬੰਧਤ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਪਿੰਡ ਵਾਸੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਵੱਖ-ਵੱਖ ਸੀ.ਆਰ.ਐਮ. ਮਸ਼ੀਨਾਂ ਲਈ ਸਰਕਾਰ ਵਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ।