ਨਸ਼ਾ ਤਸਕਰ ਦੀ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ
ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਬਦਨਾਮ ਨਸ਼ਾ ਤਸਕਰ ਵਿਰੁੱਧ ਕੀਤੀ ਸਖ਼ਤ ਕਾਰਵਾਈ, ਮੁਲਜ਼ਮ ਵਿਰੁੱਧ 18 ਐਫ.ਆਈ.ਆਰ. ਨੇ ਦਰਜ
ਪੁਲਿਸ ਕਮਿਸ਼ਨਰ ਨੇ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਦੁਹਰਾਈ
ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ।
ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੱਕਾ ਬਾਗ ਇਲਾਕੇ ਵਿੱਚ ਹਰਵਿੰਦਰ ਸਿੰਘ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ । ਹਰਵਿੰਦਰ ਸਿੰਘ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ, ਸ਼ਰਾਬ ਤਸਕਰੀ ਅਤੇ ਹੋਰ ਤਹਿਤ 18 ਐਫ.ਆਈ.ਆਰ. ਦਰਜ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਸਖ਼ਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਨਾ ਸਿਰਫ਼ ਕਾਨੂੰਨ ਦੀ ਪਾਲਣਾ ਕਰਵਾਈ ਜਾ ਰਹੀ ਹੈ ਬਲਕਿ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਚੰਗੁਲ ਤੋਂ ਵੀ ਮੁਕਤ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਇਸ ਉਪਰਾਲੇ ਦਾ ਸਥਾਨਕ ਨਿਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਸਰਕਾਰ ਦੇ ਦਲੇਰਾਨਾ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਜਾਵੇਗਾ ਅਤੇ ਜਨਤਾ ਵਿੱਚ ਵਿਸ਼ਵਾਸ ਵਧੇਗਾ। ਲੋਕਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਸੂਬੇ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਇੱਕ ਇਤਿਹਾਸਕ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਇੱਕ ਜ਼ਰੂਰੀ ਕਦਮ ਕਰਾਰ ਦਿੱਤਾ।