ਨਸ਼ੇ ਦੀ ਆੜ 'ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ:DC
ਨਸ਼ਾ ਵਿਰੋਧੀ ਪੇਂਡੂ ਤੇ ਮੁਹੱਲਾ ਕਮੇਟੀਆਂ ਦੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ
ਐਨ.ਡੀ.ਪੀ.ਐਸ ਐਕਟ ਅਧੀਨ ਵਿਅਕਤੀਆਂ ਦੀ ਜਾਇਦਾਦਾਂ ਤੋਂ ਇਲਾਵਾ ਉਨ੍ਹਾਂ ਦੇ ਰਿਸ਼ੇਤਦਾਰ, ਮਿੱਤਰ ਤੇ ਹੋਰ ਨੇੜਲੇ ਜਾਣਕਾਰਾਂ ਦੀ ਜਾਇਦਾਦਾਂ ਦੀ ਵੀ ਪੜਤਾਲ ਹੋਵੇਗੀ
ਸਬ ਡਵੀਜ਼ਨ ਪੱਧਰ ਤੇ ਐਸਡੀਐਮਜ਼ ਅਤੇ ਡੀਐਸਪੀਜ਼ ਨੂੰ ਆਪਸੀ ਤਾਲੇਮਲ ਨਾਲ ਮਿਲਕੇ ਮੁਹਿੰਮ ਚਲਾਉਣ ਦੀ ਕੀਤੀ ਹਦਾਇਤ
ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ 'ਚ ਚਲਾਏ ਜਾ ਰਹੇ ਹਨ ਕਾਰਡਨ ਤੇ ਸਰਚ ਆਪ੍ਰੇਸ਼ਨ - ਐੱਸਐੱਸਪੀ
ਰੂਪਨਗਰ, 3 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਨਿਰੰਤਰ ਜਾਰੀ ਹਨ, ਨਸ਼ੇ ਦੀ ਆੜ ਵਿੱਚ ਨਜ਼ਾਇਜ ਪ੍ਰਾਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਨੂੰ ਮੁਕਦਮਿਆਂ ਨਾਲ ਅਟੈਚ ਕੀਤਾ ਜਾਵੇਗਾ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆਂ ਨੇ ‘‘ਯੁੱਧ ਨਸ਼ਿਆਂ ਵਿਰੁੱਧ’’ ਤਹਿਤ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਕਰਨ ਲਈ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਇਨ੍ਹਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਤਾਂ ਜੋ ਇਹ ਸਾਡੀ ਨੌਜਵਾਨੀ ਨੂੰ ਨਸ਼ੇ ਦੀ ਦਲ-ਦਲ ਵਿੱਚ ਨਾ ਫਸਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਜਮੀਨੀ ਪੱਧਰ ਉਤੇ ਕਾਰਵਾਈ ਕਰਨ ਦੇ ਮੰਤਵ ਨਾਲ ਪੂਰੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿਚ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਆਪਣੇ ਪੱਧਰ ਉਤੇ ਮੀਟਿੰਗਾਂ ਕਰਕੇ ਸੂਬਾ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੂਰਨ ਸਹਿਯੋਗ ਦੇ ਰਹੀਆਂ ਹਨ। ਜਿਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਇਨ੍ਹਾਂ ਕਮੇਟੀਆਂ ਦੇ ਸੁਝਾਅ ਅਤੇ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਸਬ ਡਵੀਜ਼ਨ ਪੱਧਰ ਤੇ ਐਸਡੀਐਮਜ਼ ਅਤੇ ਡੀਐਸਪੀਜ਼ ਨੂੰ ਆਪਸੀ ਤਾਲੇਮਲ ਨਾਲ ਮਿਲਕੇ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਹਾਟ-ਸਪਾਟ ਖੇਤਰਾਂ ਦੀ ਲਗਾਤਾਰ ਚੈਕਿੰਗ ਕਰਨ। ਇਸਦੇ ਨਾਲ ਹੀ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ।
ਸ਼੍ਰੀ ਵਰਜੀਤ ਵਾਲੀਆ ਨੇ ਸਿਵਲ ਸਰਜਨ ਰੂਪਨਗਰ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਮਰੀਜ਼ਾ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ, ਜਿਸ ਲਈ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦਾ ਸਟਾਫ ਹਰ ਸਮੇਂ ਉਪਲਬਧ ਹੋਣਾ ਚਾਹੀਦਾ ਹੈ।
ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਵੀ ਚਲਾਏ ਜਾ ਰਹੇ ਹਨ। ਮਾਰਚ ਮਹੀਨੇ ਵਿਚ ਐਨ.ਡੀ.ਪੀ.ਐਸ ਦੇ ਤਹਿਤ ਹੋਰ ਮਾਮਲਿਆਂ ਤੋਂ ਇਲਾਵਾ 15 ਕਮਰੀਸ਼ੀਅਲ ਮਾਮਲੇ ਦਰਜ ਕੀਤੇ ਗਏ ਹਨ ਜਿਸ ਉਪਰੰਤ ਤਸਕਰਾਂ ਦੀ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
ਐਸ.ਐਸ.ਪੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ ਐਕਟ ਅਧੀਨ ਵਿਅਕਤੀਆਂ ਦੀ ਜਾਇਦਾਦਾਂ ਤੋਂ ਇਲਾਵਾ ਉਨ੍ਹਾਂ ਦੇ ਰਿਸ਼ੇਤਦਾਰ, ਮਿੱਤਰ ਅਤੇ ਹੋਰ ਨੇੜਲੇ ਜਾਣਕਾਰਾਂ ਦੀ ਜਾਇਦਾਦਾਂ ਦੀ ਵੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਪਾਇਆ ਜਾਂਦਾ ਹੈ ਕਿ ਕੋਈ ਜਾਇਦਾਦ ਨਸ਼ੇ ਦੀ ਆੜ ਵਿਚ ਬਣਾਈ ਗਈ ਹੈ ਤਾਂ ਉਸ ਨੂੰ ਜਬਤ ਕਰਨ ਦੀ ਕਾਰਵਾਈ ਆਰੰਭੀ ਜਾਵੇ।
ਪੁਲਿਸ ਵਿਭਾਗ ਵੱਲੋਂ ਨਾਗਰਿਕਾਂ ਦੀ ਸ਼ਮੂਲੀਅਤ ਪੱਖੋਂ ‘ਸੰਪਰਕ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਪਹਿਲ ਤਹਿਤ ਜਨਤਕ ਭਾਗੀਦਾਰੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦਾ ਸੇਫ ਪੰਜਾਬ ਹੈਲਪਲਾਈਨ ਨੰਬਰ 9779-100-200 ਵੀ ਸਾਂਝਾ ਕੀਤਾ ਅਤੇ ਦੱਸਿਆ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਪੀ. ਸ. ਨਵਨੀਤ ਸਿੰਘ ਮਾਹਲ, ਐਸ.ਪੀ. ਸ਼੍ਰੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਮੋਰਿੰਡਾ ਸ. ਸੁਖਪਾਲ ਸਿੰਘ, ਐਸ.ਡੀ.ਐਮ ਰੂਪਨਗਰ ਸ਼੍ਰੀ ਸਚਿਨ ਪਾਠਕ, ਐਸ.ਡੀ.ਐਮ ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਸਿਵਲ ਸਰਜਨ ਡਾ. ਤਰਸੇਮ ਸਿੰਘ, ਡੀ.ਐਸ.ਪੀ. ਸ. ਰਾਜਪਾਲ ਸਿੰਘ, ਡੀ.ਐਸ.ਪੀ. ਸ਼੍ਰੀ ਅਜੈ ਸਿੰਘ, ਡੀ.ਐਸ.ਪੀ ਸ. ਮਨਜੀਤ ਸਿੰਘ ਔਲਖ, ਡੀ.ਐਸ.ਪੀ. ਸ. ਜਤਿੰਦਰਪਾਲ ਸਿੰਘ, ਡੀ.ਐਸ.ਪੀ. ਸ. ਕੁਲਬੀਰ ਸਿੰਘ ਸੰਧੂ, ਡੀ.ਐਸ.ਪੀ. ਸ਼੍ਰੀਮਤੀ ਜੈਸਮੀਨ ਕੌਰ, ਡੀ.ਐਸ.ਪੀ. ਸ਼੍ਰੀ ਪੰਕਜ ਸ਼ਰਮਾ, ਡੀ.ਐਸ.ਪੀ. ਸ. ਗੁਰਮੀਤ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਕਾਰਜ ਸਾਧਕ ਅਫਸਰ, ਐਸਐਮਓਜ਼ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।