ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਤਹਿਤ ਲਖਬੀਰ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਲਾਮਬੰਦ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 17 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਚੱਲ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਅਹਿਮ ਹਿੱਸੇ ਵਜੋਂ ਨਸ਼ਾ ਮੁਕਤੀ ਯਾਤਰਾ ਦੂਜੇ ਪੜਾਅ ਵਿੱਚ ਪੁੱਜ ਗਈ ਹੈ ਅਤੇ ਇਸੇ ਕੜੀ ਤਹਿਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਕਈ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ।
ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਾਬਤ ਕੀਤਾ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਜਨ ਸਮੂਹ, ਨਸ਼ਾ ਤਸਕਰਾਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਦਾ ਸਹਿਯੋਗ ਦੇ ਰਿਹਾ ਹੈ। ਉਨ੍ਹਾਂ ਨੇ ਅੱਜ ਪਿੰਡ ਪੰਜੋਲਾ, ਬਹਿਲੋਲਪੁਰ, ਪੋਲਾ ਤੇ ਮੀਆਂਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ।
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ ਤੇ ਪਿੰਡਾਂ ਵਿੱਚ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ ਅਤੇ ਲੋਕਾਂ ਤੋਂ ਮਿਲੀ ਫੀਡਬੈਕ ਦੇ ਆਧਾਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੌ ਫੀਸਦੀ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਿਹਤ ਵਿਭਾਗ, ਪੁਲਿਸ ਵਿਭਾਗ, ਪੰਚਾਇਤੀ ਵਿਭਾਗ ਤੋਂ ਵੀ ਬੁਲਾਰੇ ਸੰਬੋਧਨ ਕਰ ਰਹੇ ਹਨ ਅਤੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਨਸਿ਼ਆਂ ਦੀ ਦਲਦਲ ਵਿੱਚ ਫਸੇ ਪੀੜਤਾਂ ਨੂੰ ਵੀ ਮਿਆਰੀ ਇਲਾਜ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਰਾਏ ਨੇ ਕਿਹਾ ਕਿ ਹਰ ਪਿੰਡ ਨੂੰ ਨਸਿ਼ਆਂ ਦੀ ਮਾਰੂ ਸਮਾਜਿਕ ਬੁਰਾਈ ਤੋਂ ਬਚਾਉਣਾ ਹੈ ਅਤੇ ਇਹ ਮੁਹਿੰਮ ਤੇਜ਼ੀ ਨਾਲ ਸਫ਼ਲਤਾ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਿੱਚ ਪੰਜਾਬ ਪੁਲਿਸ ਨਿਰੰਤਰ ਜੁਟੀ ਹੋਈ ਹੈ ਅਤੇ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਇਸ ਦੌਰਾਨ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਾਰਿਆਂ ਨੂੰ ਨਸ਼ੇ ਨਾ ਕਰਨ ਦੀ ਸੋਹ ਵੀ ਚੁਕਾਈ ਗਈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪਸਿ਼ਖਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।