ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਵਿਚ ਨਸ਼ਾ ਮੁਕਤੀ ਯਾਤਰਾ ਪਿੰਡ ਟਾਹਲੀ ਵਾਲਾ ਬੋਦਲਾ ਪਹੁੰਚੀ
ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਇਆ ਜਾਵੇਗਾ-ਵਿਧਾਇਕ ਜਗਦੀਪ ਕੰਬੋਜ ਗੋਲਡੀ
ਫਾਜ਼ਿਲਕਾ 17 ਮਈ 2025
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਲੋਕਾਂ ਨੂੰ ਵੱਡੀ ਪੱਧਰ ਤੇ ਸਮਾਜਿਕ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸੇ ਲੜੀ ਤਹਿਤ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਹਲਕਾ ਜਲਾਲਾਬਾਦ ਦੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਪਹੁੰਚੀ। ਇਸ ਮੁਹਿੰਮ ਵਿਚ ਸਿਹਤ ਵਿਭਾਗ, ਪੁਲਿਸ ਵਿਭਾਗ, ਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਹਲਕਾ ਜਲਾਲਾਬਾਦ ਦੇ ਪਿੰਡ ਟਾਹਲੀ ਵਾਲਾ ਵਿਖੇ ਗਰਾਮ ਸਭਾਵਾਂ, ਪਿੰਡ ਵਾਸੀਆਂ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਵੱਡੇ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ। ਜਿਸ ਵਿਚ ਹਲਕਾ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੇ ਸਮਾਜ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ।ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀ, ਮੁਹੱਲਿਆ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੁਹਿੰਮ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ, ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਸੂਚਨਾ ਦੇਣ। ਉਨਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਹੁੰ ਵੀ ਚੁਕਾਈ ਗਈ।