'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤਡਾ. ਬਲਬੀਰ ਸਿੰਘ ਦਾ ਸੱਦਾ- "ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅਧਿਆਪਕ ਨਿਭਾਉਣ ਮੋਹਰੀ ਭੂਮਿਕਾ"
ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸਿਖਲਾਈ ਪ੍ਰੋਗਰਾਮ ਆਯੋਜਿਤ
ਜਾਗਰੂਕ ਤੇ ਸਿਹਤਮੰਦ ਨੌਜਵਾਨ ਤਿਆਰ ਕਰਨਾ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ: ਡਾ. ਨਿਸ਼ਠਾ ਤ੍ਰਿਪਾਠੀ
ਪਟਿਆਲਾ , 23 ਜਨਵਰੀ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਯੋਜਿਤ ਇੱਕ ਰੋਜ਼ਾ ਸਮਰੱਥਾ ਉਸਾਰੀ ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਅਤੇ ਸਰਕਾਰੀ ਕਾਲਜਾਂ ਦੇ ਨੋਡਲ ਅਫਸਰਾਂ ਲਈ ਆਯੋਜਿਤ ਕੀਤਾ ਗਿਆ ਸੀ, ਜਿਸਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਨੂੰ ਮਜ਼ਬੂਤ ਕਰਨਾ ਸੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ 10 ਲੱਖ ਰੁਪਏ ਦੀ ਇੰਸ਼ੋਰੈਂਸ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਸੜਕਾਂ, ਸਿਹਤ, ਸਿੱਖਿਆ, 24 ਘੰਟੇ ਬਿਜਲੀ ਸਪਲਾਈ, ਪਾਰਕਾਂ ਅਤੇ ਖੇਡ ਮੈਦਾਨਾਂ ਦੇ ਵਿਕਾਸ, ਹੜ੍ਹਾਂ ਤੋਂ ਰਾਹਤ ਵਰਗੇ ਅਨੇਕਾਂ ਲੋਕ-ਹਿਤੈਸ਼ੀ ਕੰਮ ਕਰ ਰਹੀ ਹੈ, ਜਿਨ੍ਹਾਂ ਰਾਹੀਂ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਇਆ ਜਾ ਰਿਹਾ ਹੈ।
ਇਸ ਸਮਾਗਮ ਦਾ ਸੰਚਾਲਨ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਜਾਗਰੂਕ, ਜ਼ਿੰਮੇਵਾਰ ਅਤੇ ਸਿਹਤਮੰਦ ਨੌਜਵਾਨ ਤਿਆਰ ਕਰਨ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਨੋਡਲ ਅਫਸਰਾਂ ਨੂੰ ਅਪੀਲ ਕੀਤੀ ਕਿ ਉਹ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਲਗਾਤਾਰ ਪ੍ਰੋਤਸਾਹਿਤ ਕਰਨ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਵਿੱਚ ਨਸ਼ਾ ਮੁਕਤੀ ਬਾਰੇ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੇ ਆਹਾਰ-ਵਿਹਾਰ ਉੱਤੇ ਖਾਸ ਧਿਆਨ ਦੇਣ। ਓਹਨਾ ਕਿਹਾ ਕਿ ਜੇ ਬੱਚੇ ਤੰਦਰੁਸਤ ਹੋਣਗੇ ਤਾਂ ਹੀ ਪੰਜਾਬ ਤਰੱਕੀ ਦੇ ਰਾਹ ਤੇ ਅੱਗੇ ਵਧੇਗਾ। ਓਹਨਾ ਜ਼ੋਰ ਦਿੰਦਿਆ ਕਿਹਾ ਕਿ ਜੇਕਰ ਕੋਈ ਬੱਚਾ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸਨੂੰ ਡੀ ਐਡਿਕਸ਼ਨ ਸੈਂਟਰ ਵਿੱਚ ਭੇਜ ਕੇ ਇਲਾਜ ਕਰਵਾਇਆ ਜਾ ਸਕਦਾ ਹੈ। ਸਰਕਾਰ ਨਸ਼ਾ ਛੁਡਵਾਉਣ ਤੋ ਬਾਅਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾ ਰਹੀ ਹੈ।
ਇਹ ਸਿਖਲਾਈ ਪ੍ਰੋਗਰਾਮ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਡਾਟਾ ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਇਕਾਈ ਵੱਲੋਂ ਭਾਰਤ ਸਰਕਾਰ ਦੀ “ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ” ਸਕੀਮ ਤਹਿਤ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਤਾਲਮੇਲ ਨੋਡਲ ਅਫ਼ਸਰ ਡਾ. ਗੁਰਪ੍ਰੀਤ ਕੌਰ ਸੰਧੂ ਵੱਲੋਂ ਕੀਤਾ ਗਿਆ। ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਾ ਇੱਕ ਅਹਿਮ ਹਿੱਸਾ ਹੈ।
ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।