ਨਾੜ ਸਾੜਣ ਖਿਲਾਫ ਪ੍ਰਸ਼ਾਸ਼ਨ ਵੱਲੋਂ 294 ਪਿੰਡਾਂ ਵਿੱਚ ਨੋਡਲ ਅਤੇ ਕਲੱਸਟਰ ਅਫ਼ਸਰ ਤਾਇਨਾਤ
ਅਸ਼ੋਕ ਵਰਮਾ
ਬਠਿੰਡਾ, 16 ਮਾਰਚ 2026 : ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹਾ ਪੱਧਰ ‘ਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਵਾਢੀ ਦੇ ਮੌਸਮ ਦੌਰਾਨ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਪਿੰਡ ਪੱਧਰ ‘ਤੇ ਵਿਸ਼ੇਸ਼ ਨਿਗਰਾਨੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਪਿੰਡ ਸਟਾਫ ਦੀਆਂ ਡਿਊਟੀਆਂ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਵਜੋਂ ਲਗਾਈਆਂ ਗਈਆਂ ਹਨ ਤਾਂ ਜੋ ਨਿਗਰਾਨੀ ਯਕੀਨੀ ਬਣਾਈ ਜਾ ਸਕੇ ਅਤੇ ਕਿਸੇ ਵੀ ਘਟਨਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 45 ਕਲੱਸਟਰਾਂ ਲਈ ਇੱਕ-ਇੱਕ ਕਲੱਸਟਰ ਅਫ਼ਸਰ ਨਿਯੁਕਤ ਕੀਤਾ ਜਾਵੇਗਾ, ਜੋ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਨਾੜ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖੇਗਾ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਮਿਲ ਕੇ ਜ਼ਰੂਰੀ ਕਾਰਵਾਈ ਨੂੰ ਯਕੀਨੀ ਬਣਾਏਗਾ। ਇਸਦੇ ਨਾਲ ਹੀ ਹਰ ਪਿੰਡ ਲਈ 2 ਨੋਡਲ ਅਫ਼ਸਰ ਤਾਇਨਾਤ ਕੀਤੇ ਜਾਣਗੇ, ਜੋ ਪਿੰਡ ਪੱਧਰ ‘ਤੇ ਨਿਗਰਾਨੀ ਅਤੇ ਜਾਗਰੂਕਤਾ ਕਾਰਜਾਂ ਨੂੰ ਅਮਲ ਵਿੱਚ ਲਿਆਉਣਗੇ। ਬਠਿੰਡਾ ਜ਼ਿਲ੍ਹੇ ਦੇ ਕੁੱਲ 294 ਪਿੰਡਾਂ ਵਿੱਚ ਨੋਡਲ ਅਫ਼ਸਰਾਂ ਦੀ ਤਾਇਨਾਤੀ ਨਾਲ ਨਾ ਸਿਰਫ਼ ਨਾੜ ਸਾੜਨ ਦੀਆਂ ਘਟਨਾਵਾਂ ‘ਤੇ ਨਿਗਰਾਨੀ ਹੋਵੇਗੀ, ਸਗੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂਹੰਦ ਦੇ ਸਹੀ ਪ੍ਰਬੰਧਨ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਆਉਣ ਵਾਲੇ ਵਾਢੀ ਮੌਸਮ ਦੌਰਾਨ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣਾ ਹੈ।
Click to Follow Babushahi Facebook page →