ਨਿਮਾਣਾ ਸਿੱਖ ਬਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਨਤਮਸਤਕ ਪੇਸ਼ ਹੋਣ ਭਗਵੰਤ ਮਾਨ: ਦਿੱਲੀ ਗੁਰਦੁਆਰਾ ਕਮੇਟੀ
ਜਥੇਦਾਰ ਤੋਂ ਸਮਾਂ ਲੈ ਕੇ ਮਸਲੇ ਨੂੰ ਹੱਲ ਕਰਨ ਦਾ ਯਤਨ ਕਰਨ ਮੁੱਖ ਮੰਤਰੀ : ਹਰਮੀਤ ਸਿੰਘ ਕਾਲਕਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 17 ਜੂਨ, 2026: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਪੈਦਾ ਕਰਨ ਦੀ ਥਾਂ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਤੇ ਜਾਰੀ ਕੀਤੇ ਗਏ ਹੁਕਮਨਾਮੇ ਦੀ ਪਾਲਣਾ ਕਰਨ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉਚ ਹੈ ਅਤੇ ਜਥੇਦਾਰ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਹੁਕਮਨਾਮਾ ਇਲਾਹੀ ਹੁਕਮ ਮੰਨਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਰੀ ਦੁਨੀਆਂ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਹੋ ਕੇ ਨਤਮਸਤਕ ਹੁੰਦੇ ਹਨ ਤੇ ਤਖ਼ਤ ਤੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹਨ ਭਾਵੇਂ ਉਹ ਕਿੰਨੇ ਵੀ ਵੱਡੇ ਅਹੁਦੇ ’ਤੇ ਹੀ ਕਿਉਂ ਨਾ ਬੈਠੇ ਹੋਣ।
ਉਹਨਾਂ ਕਿਹ ਕਿ ਭਗਵੰਤ ਮਾਨ ਦੇ ਵਿਚਾਰਕ ਮਤਭੇਦ ਹੋ ਸਕਦੇ ਹਨ, ਸਿਆਸੀ ਮਤਭੇਦ ਹੋ ਸਕਦੇ ਹਨ ਤੇ ਉਹਨਾਂ ਨੂੰ ਆਪਣੀ ਗੱਲ ਕਰਨ ਦਾ ਵੀ ਪੂਰਾ ਹੱਕ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਪੈਦਾ ਕਰਨਾ ਕਿਸੇ ਵੀ ਤਰੀਕੇ ਜਾਇਜ਼ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਜਥੇਦਾਰ ਸਾਹਿਬ ਤੋਂ ਸਮਾਂ ਲੈ ਕੇ ਉਹਨਾਂ ਨੂੰ ਮਿਲਣ ਅਤੇ ਸਾਰੇ ਮਸਲੇ ਨੂੰ ਹੱਲ ਕਰਨ ਦੇ ਯਤਨ ਕਰਨ ਤਾਂ ਕਿ ਕੌਮ ਵਿਚ ਕਿਸੇ ਵੀ ਤਰੀਕੇ ਦੀ ਦੁਬਿਧਾ ਪੈਦਾ ਨਾ ਹੋਵੇ।
ਮੁੱਖ ਮੰਤਰੀ ਵੱਲੋਂ ਜਥੇਦਾਰ ’ਤੇ ਸਿਆਸੀ ਤੌਰ ’ਤੇ ਭੁਗਤਣ ਦੇ ਲਾਏ ਦੋਸ਼ਾਂ ਬਾਰੇ ਸਵਾਲ ਦੇ ਜਵਾਬ ਵਿਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੇਕਰ ਅਸੀਂ ਬੀਤੇ ਸਮੇਂ ਦੇ ਇਤਿਹਾਸ ’ਤੇ ਝਾਤ ਮਾਰੀਏ ਤਾਂ ਇਹ ਦੋਸ਼ ਕਿਤੇ ਨਾ ਕਿਤੇ ਸਹੀ ਸਾਬਤ ਹੁੰਦੇ ਹਨ ਕਿ ਸਿੰਘ ਸਾਹਿਬ ਦੇ ਅਹੁਦੇ ਦੀ ਦੁਰਵਰਤੋਂ ਸਿਆਸੀ ਲਾਭਾਂ ਵਾਸਤੇ ਕੀਤੀ ਗਈ ਖਾਸ ਤੌਰ ’ਤੇ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿੱਤੀ ਗਈ ਤੇ ਫਿਰ ਉਸਨੂੰ ਵਾਜਬ ਠਹਿਰਾਉਣ ਵਾਸਤੇ 90 ਲੱਖ ਰੁਪਏ ਦੇ ਇਸ਼ਤਿਹਾਰ ਵੀ ਜਾਰੀ ਕੀਤੇ ਗਏ।
ਉਹਨਾਂ ਕਿਹਾ ਕਿ ਸਿਆਸੀ ਤੇ ਵਿਚਾਰਧਾਰਕ ਮਤਭੇਦ ਆਪਣੀ ਥਾਂ ਹਨ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਆਪਣੀ ਥਾਂ ਹੈ। ਉਹਨਾਂ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਹੋਣ ਦੇ ਨਾਅਰੇ ਦਿੱਲੀ ਗੁਰਦੁਆਰਾ ਕਮੇਟੀ ਮੁੱਖ ਮੰਤਰੀ ਨੂੰ ਇਹ ਸਲਾਹ ਦਿੰਦੀ ਹੈ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਯਤਨ ਕਰਨ ਤੇ ਇਸਨੂੰ ਗਲਤ ਦਿਸ਼ਾ ਵਿਚ ਨਾ ਵਧਾਇਆ ਜਾਵੇ।
ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਾੜ੍ਹੀ ਬੰਨ ਕੇ ਆਪਣੀ ਦਲੀਲ ਰੱਖਣ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਖਿਆਲ ਰੱਖਣ ਦੀ ਆਸ ਹੀ ਨਹੀਂ ਕੀਤੀ ਜਾ ਸਕਦੀ। ਉਹਨਾਂ ਬੀਤੇ ਸਮੇਂ ਵਿਚ ਖੁਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਤੇ ਦੋ-ਦੋ ਸੰਗਰਾਂਦਾ ਤੇ ਦੋ-ਦੋ ਗੁਰਪੁਰਬ ਮਨਾ ਕੇ ਸੰਗਤ ਵਿਚ ਦੁਬਿਧਾ ਪੈਦਾ ਕੀਤੀ। ਉਹਨਾਂ ਕਿਹਾ ਕਿ ਜੋ ਘਟਨਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਈ, ਉਸ ਵਾਸਤੇ ਜਥੇਦਾਰ ਸਾਹਿਬ ਤੇ ਉਥੇ ਮੌਜੂਦਾ ਜਥੇਦਾਰ ਟੇਕ ਸਿੰਘ ਧਨੋਲਾ ਨੂੰ ਵੀ ਸਰਨਾ ਨੂੰ ਟੋਕਣਾ ਚਾਹੀਦਾ ਸੀ।
ਉਹਨਾਂ ਕਿਹਾ ਕਿ ਇਹ ਹਮੇਸ਼ਾ ਬਾਦਲ ਦਲ ਦੀ ਨੀਤੀ ਰਹੀ ਹੈ ਕਿ ਉਹ ਹਰ ਗੱਲ ਨੂੰ ਆਪਣੇ ਤਰੀਕੇ ਤੋੜ ਮਰੋੜ ਕੇ ਪੇਸ਼ ਕਰਦਾ ਹੈ ਤੇ ਪੰਥਕ ਸੰਸਥਾਵਾਂ ਦੀ ਦੁਰਵਰਤੋਂ ਕਰਦਾ ਹੈ ਜੋ ਬਹੁਤ ਮੰਦਭਾਗੀ ਗੱਲ ਹੈ।
- Download Babushahi App
-
-