ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਝੰਡਾ ਮਾਰਚਾਂ ਦੌਰਾਨ ਜਨਵਰੀ ਦੇ ਧਰਨਿਆਂ 'ਚ ਸ਼ਾਮਲ ਹੋਣ ਦਾ ਸੱਦਾ
ਅਸ਼ੋਕ ਵਰਮਾ
ਲੰਬੀ, 31ਦਸੰਬਰ 2025 : ਲੰਬੀ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਲਈ ਪਿੰਡ ਮਹਿਣਾ ਵਣਵਾਲਾ , ਕੱਖਾਂਵਾਲੀ , ਰੋੜਾਂਵਾਲੀ, ਪੰਜਾਵਾ ਸਿੱਖਵਾਲਾ, ਸਹਿਣਾ ਖੇੜਾ, ਆਧਨੀਆਂ ਤੇ ਖੁੱਡੀਆਂ ਆਦਿ ਪਿੰਡਾਂ 'ਚ ਮਾਰਚ ਕੀਤਾ ਗਿਆ। ਇਨ੍ਹਾਂ ਮਾਰਚਾਂ ਦੌਰਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਕੇ ਮਜ਼ਦੂਰਾਂ ਕਿਸਾਨਾਂ ਤੇ ਗਰੀਬ ਲੋਕਾਂ ਦੇ ਘਰਾਂ 'ਚ ਹਨੇਰਾ ਕਰਨ ਜਾ ਰਹੀ ਹੈ। ਉਹਨਾਂ ਆਖਿਆ ਕਿ ਮੋਦੀ ਸਰਕਾਰ ਬੀਜ ਸੋਧ ਬਿੱਲ ਰਾਹੀਂ ਖੇਤੀ ਖੇਤਰ 'ਚ ਸਾਮਰਾਜੀਆਂ ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕਬਜ਼ਾ ਕਰਵਾ ਰਹੀ ਹੈ , ਮਨਰੇਗਾ ਨੂੰ ਖਤਮ ਕਰਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰ ਰਹੀ ਹੈ ਅਤੇ ਕਿਰਤ ਕਾਨੂੰਨਾਂ 'ਚ ਸੋਧਾ ਕਰਕੇ ਮਜ਼ਦੂਰ ਵਰਗ ਨੂੰ ਮਿਲਦੀ ਨਾਮਾਤਰ ਸੁਰੱਖਿਆ ਦਾ ਭੋਗ ਪਾਉਣ ਵਰਗੀਆਂ ਨੀਤੀਆਂ ਲਾਗੂ ਕਰ ਰਹੀ ਹੈ।
ਬੁਲਾਰਿਆਂ ਨੇ ਆਖਿਆ ਕਿ ਕੇਂਦਰ ਸਰਕਾਰ ਨਾਲ਼ ਕਦਮ ਤਾਲ ਕਰਦੀ ਹੋਈ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਲੋਕਾਂ ਦੇ ਆਰਥਿਕ ਹਿੱਤਾਂ ਦਾ ਘਾਣ ਕਰਨ ਦੇ ਨਾਲ ਨਾਲ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ ਅਤੇ ਸੰਘਰਸ਼ਸ਼ੀਲ ਆਗੂਆਂ ਵਰਕਰਾਂ 'ਤੇ ਝੂਠੇ ਕੇਸ ਬਣਾ ਕੇ ਜੇਲ੍ਹਾਂ 'ਚ ਡੱਕ ਰਹੀ ਹੈ। ਉਹਨਾਂ ਆਖਿਆ ਕਿ ਆਪ ਸਰਕਾਰ ਚੋਣ ਗਰੰਟੀਆਂ ਲਾਗੂ ਕਰਨ ਦੀ ਥਾਂ ਜਨਤਕ ਜਾਇਦਾਦਾਂ ਵੇਚਣ ਦਾ ਕੁਕਰਮ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਇਹਨਾਂ ਕਾਨੂੰਨਾਂ ਖਿਲਾਫ਼ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ 'ਚ ਸ਼ਾਮਲ ਹੋਣ ਅਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ 6 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਪਰਿਵਾਰਾਂ ਸਮੇਤ ਸ਼ਾਮਲ ਹੋਣ।
ਅੱਜ ਦੇ ਇਕੱਠਾਂ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸਿੰਘ ਖੂਨਣ ਖੁਰਦ,ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਤਪਾਲ ਬਾਦਲ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਵਣਵਾਲਾ, ਬੀਕੇਯੂ ਏਕਤਾ ਡਕੌਂਦਾ (ਧਨੇਰ )ਦੇ ਭੁਪਿੰਦਰ ਸਿੰਘ ਚੰਨੂ , ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸੁੰਦਰ ਪਾਲ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾਕਟਰ ਮਹਿੰਦਰ ਸਿੰਘ ਖੁੱਡੀਆਂ , ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਗੁਰਪ੍ਰੀਤ ਸਿੰਘ,ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਨਾਨਕ ਚੰਦ ਬਜਾਜ, ਠੇਕਾ ਮੁਲਾਜਮ ਸੰਘਰਸ਼ ਮੋਰਚਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਜਰਨੈਲ ਸਿੰਘ ਪੰਜਾਵਾ, ਭਾਰਤੀ ਕਿਸਾਨ ਯੂਨੀਅਨ ਬੋਘ ਸਿੰਘ ਮਾਨਸਾ ਦੇ ਆਗੂ ਬਲਵਿੰਦਰ ਸਿੰਘ ਕੱਖਾਂ ਵਾਲੀ ਕਿਸਾਨ ਆਗੂ ਮਨੋਹਰ ਸਿੰਘ ਸਿੱਖਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।