ਨਿੱਜੀ ਮੁਫਾਦਾਂ ਤੋਂ ਉੱਪਰ ਉੱਠ ਕੇ ਕੀਤਾ ਜਾਵੇ ਵੋਟ ਦੇ ਹੱਕ ਦਾ ਇਸਤੇਮਾਲ : ਸਿਵਲ ਸਰਜਨ
- ਸਿਵਲ ਸਰਜਨ ਦਫਤਰ ਵਿਖੇ 15ਵਾਂ ਕੌਮੀ ਮਤਦਾਤਾ ਦਿਵਸ ਮਨਾਇਆ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 24 ਜਨਵਰੀ,2025
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਸਵੇਰੇ 15ਵਾਂ ਕੌਮੀ ਮਤਦਾਤਾ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਨਵੇਂ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਵਿਚ ਹਿੱਸੇਦਾਰ ਬਣਨ ਲਈ ਉਤਸ਼ਾਹਿਤ ਕਰਨਾ ਹੈ। ਇਸ ਸਾਲ ਕੌਮੀ ਮਤਦਾਤਾ ਦਿਵਸ-2025 ਦਾ ਥੀਮ "ਵੋਟ ਵਰਗਾ ਕੁਝ ਨਹੀਂ, ਵੋਟ ਜ਼ਰੂਰ ਪਾਵਾਂਗੇ ਅਸੀਂ" ਹੈ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਸਿਵਲ ਸਰਜਨ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿੱਜੀ ਮੁਫਾਦਾਂ ਤੋਂ ਉਪਰ ਉੱਠ ਕੇ ਬਿਨਾਂ ਕਿਸੇ ਭੈਅ ਤੇ ਲੋਭ ਦੇ ਵੋਟ ਪਾਉਣ ਦਾ ਪ੍ਰਣ ਦਿਵਾਇਆ। ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ, 'ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਈ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।
ਡਾ. ਜਸਪ੍ਰੀਤ ਕੌਰ ਨੇ ਰਾਸ਼ਟਰੀ ਮਤਦਾਤਾ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦਿਨ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਨੂੰ ਸਮਰਪਿਤ ਹੈ। 25 ਜਨਵਰੀ, 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ।
ਇਸ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਰ ਜਮਹੂਰੀ ਅਮਲ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਮਤਦਾਤਾ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ, ਜਿਸਦਾ ਮਕਸਦ 18 ਸਾਲ ਦੇ ਹੋਣ ਵਾਲੇ ਨਾਗਰਿਕਾਂ ਨੂੰ ਮਤਦਾਤਾ ਵਜੋਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਅਤੇ ਚੋਣ ਅਮਲ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਸ਼ਰਾਬ, ਨਸ਼ੇ ਜਾਂ ਕਿਸੇ ਹੋਰ ਲਾਲਚ ਵਿੱਚ ਵੋਟ ਪਾਉਣ ਨਾਲ ਪੂਰੇ ਜਮਹੂਰੀ ਤੰਤਰ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ, ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐਸ.ਪੀ.) ਸ੍ਰੀਮਤੀ ਸ਼ਿਆਮਾਵੇਦਾ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਬਲਾਕ ਐਜੂਕੇਟਰ ਹਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।