ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰੀ ਹਾਜ਼ਰੀ
ਵਿਦਿਅਕ ਸੰਸਥਾਵਾਂ ਵੱਲੋਂ ਲਗਾਈਆਂ ਕਲਾ ਪ੍ਰਦਰਸ਼ਨੀਆਂ ਸੰਗਤਾਂ ਲਈ ਬਣੀਆਂ ਖਿੱਚ ਦਾ ਕੇਂਦਰ
ਅੰਮ੍ਰਿਤਸਰ, 26 ਅਪ੍ਰੈਲ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਦੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਕਲਾ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀਆਂ। ਇਸ ਦੇ ਨਾਲ ਹੀ ਗਤਕਾ ਮੁਕਾਬਲੇ ਵੀ ਪ੍ਰਭਾਵਸ਼ਾਲੀ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣੇ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮਾਂ ਦੀ ਲੜੀ ਚੱਲ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸਿੱਖ ਸੰਸਥਾ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਾ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਵਿਦਿਅਕ ਸੰਸਥਾਵਾਂ ਵਿੱਚ ਦੁਨਿਆਵੀ ਵਿਦਿਆ ਦੇ ਨਾਲ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਣ ਦਾ ਵੀ ਉਪਰਾਲਾ ਕਰਦੀ ਹੈ। ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣ ਦੇ ਨਾਲ ਸਿੱਖ ਜੰਗਜੂ ਕਲਾ ਗਤਕੇ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਦੇ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਕੀਤਾ ਗਿਆ, ਉਥੇ ਹੀ ਕਥਾ-ਵਿਚਾਰਾਂ ਅਤੇ ਕਵੀਸ਼ਰੀ ਰਾਹੀਂ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਤਾਬਦੀ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਜਾਵੇ।
ਇਸੇ ਦੌਰਾਨ ਘੰਟਾ ਘਰ ਪਲਾਜੇ ਵਿਖੇ ਵਿਸ਼ੇਸ਼ ਤੌਰ ’ਤੇ ਸਿੱਖ ਜੰਗਜੂ ਕਲਾ ਗਤਕਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆ ਵਿਚ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦਾ ਸੰਗਤਾਂ ਨੇ ਵੀ ਆਨੰਦ ਮਾਣਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਯੁਵਰਾਜ ਸਿੰਘ, ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਸ. ਚਰਨਜੀਤ ਸਿੰਘ, ਪ੍ਰਿੰਸੀਪਲ ਸ. ਹਰਮਨਦੀਪ ਸਿੰਘ, ਪ੍ਰਿੰਸੀਪਲ ਸ. ਸੁਖਦੀਪ ਸਿੰਘ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸ. ਕਾਰਜ ਸਿੰਘ, ਸ. ਬਲਜੀਤ ਸਿੰਘ ਤੇ ਸੰਗਤਾਂ ਮੌਜੂਦ ਸਨ।