ਪਟਿਆਲਾ ਜ਼ਿਲ੍ਹੇ 'ਚ ਜਮੀਨ-ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਸ਼ੁਰੂ
- ਡਿਪਟੀ ਕਮਿਸ਼ਨਰ ਨੇ ਬਦਲਵੇਂ ਪ੍ਰਬੰਧਾਂ ਤਹਿਤ ਹੋਰ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
- ਰਜਿਸਟਰੀਆਂ ਲਈ ਸਮਾਂ ਲੈਣ ਵਾਲੇ ਆਪਣੀਆਂ ਰਜਿਸਟਰੀਆਂ ਕਰਵਾਉਣ, ਨਹੀਂ ਆਵੇਗੀ ਕੋਈ ਪ੍ਰੇਸ਼ਾਨੀ-ਡਾ. ਪ੍ਰੀਤੀ ਯਾਦਵ
- ਲੋਕਾਂ ਵੱਲੋਂ ਸਰਕਾਰ ਵੱਲੋਂ ਲਏ ਗਏ ਤੁਰੰਤ ਫ਼ੈਸਲੇ ਦੀ ਸ਼ਲਾਘਾ
ਪਟਿਆਲਾ, 4 ਮਾਰਚ 2025 - ਪਟਿਆਲਾ ਜ਼ਿਲ੍ਹੇ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਸਬ ਰਜਿਸਟਰਾਰ ਦਫ਼ਤਰਾਂ 'ਚ ਜਮੀਨ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਅੱਜ ਸ਼ਾਮ ਦੁਬਾਰਾ ਸ਼ੁਰੂ ਹੋ ਗਿਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਰਜਿਸਟਰਾਰ ਡਾ. ਪ੍ਰੀਤੀ ਯਾਦਵ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਦੇ ਹੁਕਮ ਜਾਰੀ ਕਰਨ ਬਾਅਦ ਇਨ੍ਹਾਂ ਅਧਿਕਾਰੀਆਂ ਨੇ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਪੁੱਜ ਕੇ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਸਬ ਰਜਿਸਟਰਾਰ ਦਫ਼ਤਰਾਂ ਵਿਖੇ ਆਪਣੀਆਂ ਜਮੀਨਾਂ ਤੇ ਪਲਾਟਾਂ ਆਦਿ ਦੀਆਂ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੇ ਤਹਿਸੀਲਾਂ 'ਚ ਰਜਿਸਟਰੀਆਂ ਦਾ ਕੰਮ ਦੁਬਾਰਾ ਸ਼ੁਰੂ ਹੋਣ 'ਤੇ ਕਾਫ਼ੀ ਰਾਹਤ ਮਹਿਸੂਸ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲਏ ਗਏ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਲੋਕਾਂ ਦਾ ਕਹਿਣਾਂ ਸੀ ਮਾਲ ਅਧਿਕਾਰੀਆਂ ਦੀ ਹੜਤਾਲ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਜਰੂਰ ਹੋਈ ਪਰੰਤੂ ਪੰਜਾਬ ਸਰਕਾਰ ਵੱਲੋਂ ਤੁਰੰਤ ਲਏ ਗਏ ਫੈਸਲੇ ਤਹਿਤ ਕੀਤੇ ਗਏ ਬਦਲਵੇਂ ਪ੍ਰਬੰਧਾਂ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਜਿਸਟਰੀਆਂ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਪੰਜਾਬ ਰਜਿਸਟ੍ਰਸ਼ਨ ਐਕਟ 1908 ਦੀ ਧਾਰਾ 12 ਤਹਿਤ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ ਅਤੇ ਪਟਿਆਲਾ ਸਬ ਰਜਿਸਟਰਾਰ ਦਫ਼ਤਰ ਸਮੇਤ ਰਾਜਪੁਰਾ, ਸਮਾਣਾ, ਨਾਭਾ, ਪਾਤੜਾਂ ਤੇ ਦੂਧਨ ਸਾਧਾਂ ਤਹਿਸੀਲਾਂ ਸਮੇਤ ਭਾਦਸੋਂ ਅਤੇ ਘਨੌਰ ਸਬ ਤਹਿਸੀਲਾਂ ਵਿਖੇ ਰਜਿਸਟਰੀਆਂ ਦਾ ਕੰਮ ਨਿਰਵਿਘਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕਾਂ ਨੇ ਆਪਣੀਆਂ ਰਜਿਸਟਰੀਆਂ ਕਰਵਾਉਣ ਲਈ ਸਮਾਂ ਲਿਆ ਹੋਇਆ ਹੈ, ਉਹ ਉਸ ਮੁਤਾਬਕ ਆਪਣੀਆਂ ਰਜਿਸਟਰੀਆਂ ਕਰਵਾ ਸਕਦੇ ਹਨ।