ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਵਿਧਾਇਕ ਮਾਨ ਵੱਲੋਂ ਸਖ਼ਤ ਸ਼ਬਦਾਂ ਚ ਨਿੰਦਾ
- ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ* ਵਿਧਾਇਕ ਇੰਦਰਜੀਤ ਕੌਰ ਮਾਨ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ /ਸੁਲਤਾਨਪੁਰ ਲੋਧੀ 22 ਅਪ੍ਰੈਲ 2025: ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਨਿਰਦੋਸ਼ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਘਿਨਾਉਣੇ ਅਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੀ ਹਾਂ। ਹਿੰਸਾ ਦਾ ਇਹ ਵਹਿਸ਼ੀ ਕਾਰਾ ਮਨੁੱਖਤਾ ਅਤੇ ਸ਼ਾਂਤੀ 'ਤੇ ਹਮਲਾ ਹੈ। ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾਂ ਹੈ - ਅਜਿਹੇ ਅੱਤਿਆਚਾਰੀਆਂ ਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਛੱਡਣਾ ਚਾਹੀਦਾ। ਸਾਡੀ ਪਾਰਟੀ ਦੀ ਸਰਕਾਰ ਹਮੇਸ਼ਾਂ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ। ਉਹਨਾਂ ਕਿਹਾ ਕਿ ਨਿਰਦੋਸ਼ ਲੋਕਾਂ ਵਿਰੁੱਧ ਅਜਿਹਾ ਘਿਨਾਉਣਾ ਕੰਮ ਬਹੁਤ ਹੀ ਦੁਖਦਾਈ ਹੈ। ਇਸ ਔਖੇ ਸਮੇਂ 'ਚ ਮ੍ਰਿਤਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਡੀ ਦਿਲੋਂ ਹਮਦਰਦੀ ਹੈ।