ਪਿਛਲੀਆਂ ਸਰਕਾਰਾਂ ਵੇਲੇ ਗੈਂਗਸਟਰ ਕਲਚਰ ਵਧਿਆ-ਫੁੱਲਿਆ, ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ: ਪੰਨੂ
*ਪੁਲਿਸ ਛਾਪੇਮਾਰੀ, ਮੁਕਾਬਲੇ ਅਤੇ ਹਵਾਲਗੀ ਦੀਆਂ ਯੋਜਨਾਵਾਂ ਗੈਂਗਸਟਰਾਂ ਵਿਰੁੱਧ 'ਆਪ' ਸਰਕਾਰ ਦੀ ਫੈਸਲਾਕੁੰਨ ਕਾਰਵਾਈ ਦਾ ਸੰਕੇਤ: ਪੰਨੂ*
*ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਜਨਤਕ ਸਹਿਯੋਗ ਜ਼ਰੂਰੀ, ਹੈਲਪਲਾਈਨ ਨੰਬਰ 93946-93946 ਜਾਰੀ: ਆਪ*
ਚੰਡੀਗੜ੍ਹ, 20 ਜਨਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ।
ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।
ਪੰਨੂ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ' ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਲਗਾ ਕੇ ਕਰਾਰਾ ਜਵਾਬ ਦਿੱਤਾ ਹੈ।
ਉਨ੍ਹਾਂ ਕਿਹਾ ਕਿ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਡੂੰਘੀ ਯੋਜਨਾਬੰਦੀ ਅਤੇ ਮੁਲਾਂਕਣ ਤੋਂ ਬਾਅਦ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ। ਇਹ ਦੇਸ਼ ਵਿੱਚ ਗੈਂਗਸਟਰਵਾਦ ਵਿਰੁੱਧ ਸਭ ਤੋਂ ਵੱਡੀ ਅਤੇ ਗੰਭੀਰ ਕਾਰਵਾਈਆਂ ਵਿੱਚੋਂ ਇੱਕ ਹੈ। ਮੰਗਲਵਾਰ ਸਵੇਰ ਤੋਂ ਹੀ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਕਈ ਛਾਪੇਮਾਰੀ ਕੀਤੀ ਗਈ, ਜਿਸ ਦੇ ਸ਼ੁਰੂਆਤੀ ਨਤੀਜੇ ਸਾਹਮਣੇ ਆਏ ਹਨ ਅਤੇ ਅਗਲੇ 72 ਘੰਟਿਆਂ ਵਿੱਚ ਹੋਰ ਅਹਿਮ ਨਤੀਜੇ ਆਉਣ ਦੀ ਉਮੀਦ ਹੈ।
ਬਲਤੇਜ ਪੰਨੂ ਨੇ ਕਿਹਾ ਕਿ "ਗੈਂਗਸਟਰ" ਸ਼ਬਦ ਪੰਜਾਬ ਦੀ ਸ਼ਬਦਾਵਲੀ ਵਿੱਚ ਸਿਰਫ਼ 15-18 ਸਾਲ ਪਹਿਲਾਂ ਹੀ ਆਇਆ ਸੀ। ਇਸ ਤੋਂ ਪਹਿਲਾਂ ਛੋਟੇ ਅਪਰਾਧੀਆਂ ਨੂੰ ਮਹਿਜ਼ 'ਬਦਮਾਸ਼' ਕਿਹਾ ਜਾਂਦਾ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਦੇ ਦਰਮਿਆਨ ਜਾਣਬੁੱਝ ਕੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕੀਤਾ ਗਿਆ, ਨੌਜਵਾਨਾਂ ਨੂੰ ਇਸ ਕਲਚਰ ਵਿੱਚ ਧੱਕਿਆ ਗਿਆ ਅਤੇ ਉਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਿਖਰ 'ਤੇ ਸਨ। ਉਨ੍ਹਾਂ ਨੇ ਨਾਭਾ ਜੇਲ੍ਹ ਬ੍ਰੇਕ ਅਤੇ ਪੁਲਿਸ ਮੁਲਾਜ਼ਮਾਂ 'ਤੇ ਹਮਲਿਆਂ ਵਰਗੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਸ ਦੌਰ ਨੂੰ ਪੰਜਾਬ ਦਾ ਕਾਲਾ ਦੌਰ ਦੱਸਿਆ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਕੋਈ ਅਸਲ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ, ਉੱਤਰ ਪ੍ਰਦੇਸ਼ ਦੇ ਇੱਕ ਗੈਂਗਸਟਰ ਨੂੰ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿਸ ਦੀ ਕਸਟਡੀ ਵਾਪਸ ਲੈਣ ਲਈ ਯੂਪੀ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ। ਪੰਨੂ ਨੇ ਕਿਹਾ ਕਿ ਇਹ ਕੋਈ ਲੁਕੀ ਹੋਈ ਗੱਲ ਨਹੀਂ ਹੈ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਨੇ ਨਿੱਜੀ ਹਿੱਤਾਂ ਲਈ ਗੈਂਗਸਟਰਾਂ ਨੂੰ ਪਾਲਿਆ।
ਤਰਨਤਾਰਨ ਜਿਮਨੀ ਚੋਣ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇਣਾ ਗੈਂਗਸਟਰ ਕਲਚਰ ਨੂੰ ਹੱਲਾਸ਼ੇਰੀ ਦੇਣ ਤੋਂ ਇਲਾਵਾ ਕੁਝ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਇਸ ਖ਼ਤਰੇ ਤੋਂ ਮੁਕਤ ਕਰਨ ਲਈ ਦ੍ਰਿੜ ਹੈ।
ਮੰਗਲਵਾਰ ਦੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰੀ ਦੀ ਕੋਸ਼ਿਸ਼ ਦੌਰਾਨ ਪੁਲਿਸ 'ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰ ਮਨੀ ਪ੍ਰਿੰਸ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਗਿਆ। ਇਹ ਆਪ੍ਰੇਸ਼ਨ ਕਈ ਘੰਟੇ ਚੱਲਿਆ। ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ (ਫ਼ਤਿਹਗੜ੍ਹ ਸਾਹਿਬ) ਵਿੱਚ ਹੋਏ ਇੱਕ ਹੋਰ ਮੁਕਾਬਲੇ ਵਿੱਚ ਪੁਲਿਸ 'ਤੇ ਗੋਲੀ ਚਲਾਉਣ ਵਾਲੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸ ਦਾ ਇਲਾਜ ਚਲ ਰਿਹਾ ਹੈ। ਉਸ 'ਤੇ ਲੁੱਟ-ਖੋਹ ਅਤੇ ਐਨਡੀਪੀਐਸ ਐਕਟ ਦੇ ਕਰੀਬ 9 ਪਰਚੇ ਦਰਜ ਹਨ।
ਪੰਨੂ ਨੇ ਚੇਤਾਵਨੀ ਦਿੱਤੀ ਕਿ ਧਮਕੀਆਂ ਦੇਣ ਵਾਲੇ ਜਾਂ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਂਗਸਟਰ ਗੋਲੀਆਂ ਚਲਾਏਗਾ, ਤਾਂ ਉਸ ਨੂੰ ਗੋਲੀਆਂ ਨਾਲ ਹੀ ਜਵਾਬ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ ਅਤੇ ਉਨ੍ਹਾਂ ਦੀ ਹਵਾਲਗੀ ਲਈ ਪੂਰੀ ਤਿਆਰੀ ਹੈ। ਦੋਸ਼ੀਆਂ ਦੇ ਡੋਜ਼ੀਅਰ ਤਿਆਰ ਕਰਕੇ ਸਾਂਝੇ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਅਪਰਾਧੀਆਂ ਦਾ ਪਿੱਛਾ ਕਰੇਗੀ।
ਪੰਨੂ ਨੇ ਪੰਜਾਬੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਗੈਂਗਸਟਰਾਂ ਵਿਰੁੱਧ ਸਹੀ ਜਾਣਕਾਰੀ ਦੇਣ ਵਾਲਿਆਂ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ।
ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ਾ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਗਏ ਜ਼ਹਿਰੀਲੇ ਬੂਟੇ ਹਨ। ਮਾਨ ਸਰਕਾਰ ਪੰਜਾਬ ਨੂੰ ਇਨ੍ਹਾਂ ਕੰਡਿਆਂ ਤੋਂ ਮੁਕਤ ਕਰਨ ਲਈ ਵਚਨਬੱਧ ਹੈ।