ਪੀ.ਐਮ. ਕਿਸਾਨ ਯੋਜਨਾ ਦੇ ਲਾਭ ਲਈ ‘ਫਾਰਮਰ ਰਜਿਸਟਰੀ’ ਕਰਵਾਉਣੀ ਲਾਜ਼ਮੀ : ਮੁੱਖ ਖੇਤੀਬਾੜੀ ਅਫਸਰ
ਅਸ਼ੋਕ ਵਰਮਾ
ਬਠਿੰਡਾ, 5 ਮਾਰਚ 2026 : ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ-ਕਿਸਾਨ) ਯੋਜਨਾ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹੁਣ ਹਰੇਕ ਲਾਭਪਾਤਰੀ ਕਿਸਾਨ ਲਈ ‘ਫਾਰਮਰ ਰਜਿਸਟਰੀ’ ਵਿੱਚ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਵੱਲੋਂ ਦਿੱਤੀ ਗਈ।
ਡਾ. ਸਿੱਧੂ ਨੇ ਅੱਗੇ ਦੱਸਿਆ ਕਿ ਫਾਰਮਰ ਰਜਿਸਟਰੀ ਦੇ ਤਹਿਤ ਹਰੇਕ ਕਿਸਾਨ ਦੀ ਇੱਕ ਵਿਲੱਖਣ ‘ਕਿਸਾਨ ਆਈ.ਡੀ.’ ਤਿਆਰ ਕੀਤੀ ਜਾਵੇਗੀ, ਜਿਸ ਨੂੰ ਉਸ ਦੇ ਮੌਜੂਦਾ ਪੀ.ਐੱਮ-ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਇਸ ਨਾਲ ਕਿਸਾਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਦੀ ਤਸਦੀਕ ਆਸਾਨੀ ਨਾਲ ਹੋ ਸਕੇਗੀ ਅਤੇ ਸਰਕਾਰੀ ਮਦਦ ਸਿੱਧੇ ਤੌਰ ‘ਤੇ ਅਸਲ ਹੱਕਦਾਰ ਕਿਸਾਨਾਂ ਤੱਕ ਪਹੁੰਚੇਗੀ।
ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਆਪਣੀ ਫਾਰਮਰ ਰਜਿਸਟਰੀ ਨਹੀਂ ਕਰਵਾਈ ਹੋਵੇਗੀ, ਉਨ੍ਹਾਂ ਨੂੰ ਭਵਿੱਖ ਵਿੱਚ ਪੀ.ਐੱਮ-ਕਿਸਾਨ ਯੋਜਨਾ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾਣਗੀਆਂ। ਇਸ ਲਈ ਸਾਰੇ ਲਾਭਪਾਤਰੀ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਵਾਉਣ।
ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਰਜਿਸਟ੍ਰੇਸ਼ਨ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ ਨਾਲ ਲੈਕੇ ਜਾਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ-ਸਿਰ ਰਜਿਸਟ੍ਰੇਸ਼ਨ ਕਰਵਾ ਕੇ ਪੀ.ਐੱਮ-ਕਿਸਾਨ ਯੋਜਨਾ ਦਾ ਲਾਭ ਜ਼ਰੂਰ ਲਿਆ ਜਾਵੇ।
Click to Follow Babushahi Facebook page →