ਪ੍ਰਤੀਯੋਗਤਾ ਦੀ ਭਾਵਨਾ ਪੈਦਾ ਕਰਨ ਲਈ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਉਣ ਦੇ ਨਿਰਦੇਸ਼
- ਕਿਹਾ, ਵਿਦਿਆਰਥੀਆਂ ਨੂੰ ਉਸਾਰੂ ਮੰਚ ਪ੍ਰਦਾਨ ਕਰਨ ਲਈ ਯੂਥ ਫੈਸਟੀਵਲ ਵਾਂਗ ਪ੍ਰੋਗਰਾਮ ਉਲੀਕਿਆ ਜਾਵੇ
ਜਲੰਧਰ, 15 ਜਨਵਰੀ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੱਚਿਆਂ ਵਿੱਚ ਪ੍ਰਤੀਯੋਗਤਾ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਸਹਾਇਕ ਕਮਿਸ਼ਨਰ (ਯੂ.ਟੀ.) ਸੁਨੀਲ ਫੋਗਟ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਯੂਥ ਫੈਸਟੀਵਲ ਦੀ ਤਰਜ਼ ’ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਲਈ ਢੁੱਕਵੀਂ ਰੂਪ-ਰੇਖਾ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਵਿੱਚ ਪ੍ਰਤੀਯੋਗਤਾ ਦੀ ਚਿਣਗ ਪੈਦਾ ਕੀਤੀ ਜਾ ਸਕੇ।
ਡਾ. ਅਗਰਵਾਲ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੰਤਵ ਵਿਦਿਆਰਥੀਆਂ ਵਿੱਚ ਉੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਕਲਾ, ਸੱਭਿਆਚਾਰ, ਸੰਗੀਤ ਅਤੇ ਖੇਡਾਂ ਨੂੰ ਵੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਈਵੈਂਟ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਜਾਵੇ, ਤਾਂ ਜੋ ਉਹ ਭਵਿੱਖ ਵਿੱਚ ਸਹੀ ਕਿੱਤੇ ਦੀ ਚੋਣ ਕਰਕੇ ਆਤਮ ਨਿਰਭਰ ਬਣਨ ਦੇ ਨਾਲ-ਨਾਲ ਦੇਸ਼ ਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ, ਮੁਕਾਬਲੇ ਲਈ ਵੱਖ-ਵੱਖ ਸਥਾਨਾਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ, ਤਾਂ ਜੋ ਈਵੈਂਟ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।