ਪੰਜਗਰਾਈਂ ਕਲਾਂ ਦੇ ਨੌਜਵਾਨ ਦੀ ਭੇਦਭਰੀ ਮੌਤ: ਇਨਸਾਫ਼ ਲਈ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਲੱਗਾ ਜਾਮ
ਹਫ਼ਤੇ ਭਰ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰ ਨੇ ਅਜੇ ਤੱਕ ਨਹੀਂ ਕੀਤਾ ਅੰਤਿਮ ਸਸਕਾਰ; ਪੁਲਿਸ 'ਤੇ ਲੱਗੇ ਕਾਰਵਾਈ ਵਿੱਚ ਢਿੱਲ ਦੇ ਦੋਸ਼
ਸੁਖਜਿੰਦਰ ਸਿੰਘ ਪੰਜਗਰਾਈਂ
ਪੰਜਗਰਾਈਂ ਕਲਾਂ, 10 ਮਾਰਚ 2026- ਪਿੰਡ ਪੰਜਗਰਾਈਂ ਕਲਾਂ ਦੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਹੋਈ ਮੌਤ ਦੇ ਮਾਮਲੇ ਨੇ ਅੱਜ ਉਸ ਵੇਲੇ ਤੂਲ ਫੜ ਲਿਆ ਜਦੋਂ ਇਨਸਾਫ਼ ਨਾ ਮਿਲਣ ਤੋਂ ਦੁਖੀ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੋਗਾ-ਕੋਟਕਪੂਰਾ ਮੁੱਖ ਮਾਰਗ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਜਾਣਕਾਰੀ ਅਨੁਸਾਰ, ਹੋਲੀ ਵਾਲੀ ਰਾਤ ਨੂੰ ਬਾਬਾ ਜੀਵਨ ਸਿੰਘ ਨਗਰ ਦਾ ਨੌਜਵਾਨ ਹਰਦੀਪ ਸਿੰਘ ਆਪਣੇ ਸਾਥੀ ਕੱਲੂ ਨਾਲ ਪਿੰਡ ਹਮੀਰਗੜ੍ਹ ਤੋਂ ਵਾਪਸ ਆ ਰਿਹਾ ਸੀ। ਪੰਜਗਰਾਈਂ-ਮੱਲਕੇ ਸੰਪਰਕ ਸੜਕ 'ਤੇ ਹਰਦੀਪ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ, ਜਿਸ ਨੇ ਬਠਿੰਡਾ ਦੇ ਏਮਜ਼ (AIIMS) ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਮ੍ਰਿਤਕ ਹਰਦੀਪ ਨੇ ਮੌਤ ਤੋਂ ਪਹਿਲਾਂ ਹੋਸ਼ ਵਿੱਚ ਆਉਣ 'ਤੇ ਦੱਸਿਆ ਸੀ ਕਿ ਉਸ ਦੇ ਨਾਲ ਗਏ ਕੱਲੂ ਨੂੰ ਸਾਰੀ ਸੱਚਾਈ ਪਤਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਮਾਮਲਾ ਤਾਂ ਦਰਜ ਕਰ ਲਿਆ ਹੈ, ਪਰ ਮੁੱਖ ਸ਼ੱਕੀ ਅਤੇ ਉਸ ਦੇ ਸਾਥੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਅਤੇ ਸਰਪੰਚ ਮੰਦਰ ਸਿੰਘ ਨੇ ਕੀਤੀ। ਆਗੂਆਂ ਨੇ ਕਿਹਾ ਕਿ ਪੁਲਿਸ ਥਾਣਾ ਸਮਾਲਸਰ ਦੀ ਢਿੱਲੀ ਕਾਰਵਾਈ ਕਾਰਨ ਪਰਿਵਾਰ ਪਿਛਲੇ ਇੱਕ ਹਫ਼ਤੇ ਤੋਂ ਇਨਸਾਫ਼ ਲਈ ਭਟਕ ਰਿਹਾ ਹੈ ਅਤੇ ਇਸੇ ਰੋਸ ਵਜੋਂ ਅਜੇ ਤੱਕ ਨੌਜਵਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ।
ਜਾਮ ਦੀ ਸੂਚਨਾ ਮਿਲਦੇ ਹੀ ਬਾਘਾਪੁਰਾਣਾ ਦੇ ਡੀ.ਐੱਸ.ਪੀ. ਦਲਬੀਰ ਸਿੰਘ ਸਿੱਧੂ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ, ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਧਰਨਾ ਚੁੱਕ ਲਿਆ ਅਤੇ ਮੁੱਖ ਮਾਰਗ 'ਤੇ ਆਵਾਜਾਈ ਦੁਬਾਰਾ ਚਾਲੂ ਹੋ ਸਕੀ।
Click to Follow Babushahi Facebook page →