ਪੰਜਾਬੀ ਯੂਨੀਵਰਸਿਟੀ ਭਾਸ਼ਾਵਾਂ ਬਾਰੇ ਕਰਵਾਇਆ ਗਿਆ ਅੰਤਰ- ਅਨੁਸ਼ਾਸਨੀ ਰਿਫ਼ਰੈਸ਼ਰ ਕੋਰਸ ਸੰਪੰਨ
ਪਟਿਆਲਾ, 23 ਜਨਵਰੀ 2025 - ਪੰਜਾਬੀ ਯੂਨੀਵਰਸਿਟੀ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਭਾਸ਼ਾਵਾਂ ਬਾਰੇ ਕਰਵਾਇਆ ਗਿਆ ਅੰਤਰ- ਅਨੁਸ਼ਾਸਨੀ ਰਿਫ਼ਰੈਸ਼ਰ ਕੋਰਸ ਸੰਪੰਨ ਹੋ ਗਿਆ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਦੋ ਹਫਤੇ ਚੱਲਿਆ ਇਹ ਰਿਫ਼ਰੈਸ਼ਰ ਕੋਰਸ 8 ਜਨਵਰੀ 2025 ਨੂੰ ਸ਼ੁਰੂ ਹੋਇਆ ਸੀ। ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਹੋਰ ਸੂਬਿਆਂ ਦੀਆਂ ਯੂਨੀਵਰਸਿਟੀਆਂ ਤੋਂ ਅਧਿਆਪਕਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮਾਹਿਰਾਂ ਵੱਲੋਂ ਇਸ ਰਿਫ਼ਰੈਸ਼ਰ ਕੋਰਸ ਦੌਰਾਨ ਅਧਿਆਪਕਾਂ ਨੂੰ ਭਾਸ਼ਾਵਾਂ ਨਾਲ਼ ਸਬੰਧਤ ਵੱਖ-ਵੱਖ ਮਾਹਿਰਾਂ ਵੱਲੋਂ ਸਿਖਲਾਈ ਦਿੰਦਿਆਂ ਭਾਸ਼ਾਵਾਂ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ ਗਏ।
ਇਸ ਕੋਰਸ ਦੇ ਵਿਦਾਇਗੀ ਸੈਸ਼ਨ ਮੌਕੇ ਪੁੱਜੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਦ੍ਰਿਸ਼ਟੀ ਨੂੰ ਨਿਖਾਰਨ ਦੇ ਸਮੇਂ ਸਮੇਂ ਯਤਨ ਕਰਦੇ ਰਹਿਣਾ ਚਾਹੀਦਾ ਹੈ ਅਤੇ ਗਿਆਨ ਖੇਤਰ ਦੇ ਨਵੇਂ ਪੈਦਾ ਹੋ ਰਹੇ ਰੁਝਾਨਾਂ ਨਾਲ਼ ਲਗਾਤਾਰ ਰਾਬਤਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਕਸਦ ਲਈ ਰਿਫ਼ਰੈਸ਼ਰ ਕੋਰਸ ਬਹੁਤ ਵਧੀਆ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਸ ਕੋਰਸ ਵਿੱਚ ਸ਼ਿਰਕਤ ਕਰਨ ਵਾਲ਼ੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸੈਂਟਰ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ।
ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਡਾ. ਕਵਲਜੀਤ ਸਿੰਘ, ਡਾਇਰੈਕਟਰ ਕੰਪਿਊਟਰ ਸੈਂਟਰ, ਪੰਜਾਬੀ ਯੂਨੀਵਰਸਿਟੀ ਨੇ ਅਧਿਆਪਕਾਂ ਨੂੰ ਨਵੀਂਆਂ ਤਕਨੀਕਾਂ ਨਾਲ ਜੁੜਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਖੇਤਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਕਨੀਕ ਅਤੇ ਗਿਆਨ ਨਾਲ ਜੁੜਨ ਦੀ ਲੋੜ ਹੁੰਦੀ ਹੈ। ਉਨ੍ਹਾਂ ਰਿਫ਼ਰੈਸ਼ਰ ਕੋਰਸ ਦੇ ਮੰਚ ਦੀ ਵੀ ਪ੍ਰਸ਼ੰਸ਼ਾ ਕੀਤੀ।
ਇਸ ਕੋਰਸ ਦੇ ਕੋਆਰਡੀਨੇਟਰ ਡਾ. ਸ਼ਿਵਾਨੀ ਠਾਕੁਰ ਨੇ ਆਪਣੇ ਸੰਬੋਧਨ ਵਿੱਚ ਕੋਰਸ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਕੋਰਸ ਦੌਰਾਨ ਆਪਣੀਆਂ ਵਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਕੋ-ਕੋਆਰਡੀਨੇਟਰ ਡਾ. ਰਾਜਵਿੰਦਰ ਸਿੰਘ ਵੱਲੋਂ ਵੀ ਇਸ ਮੌਕੇ ਸੰਬੋਧਨ ਕੀਤਾ ਗਿਆ।