ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾਵੇਗੀ - ਹਰਭਜਨ ਸਿੰਘ
ਜੰਡਿਆਲਾ ਗੁਰੂ, 20 ਅਪ੍ਰੈਲ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ।
ਇਹ ਜਾਣਕਾਰੀ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪਿੰਡ ਮੀਰਾ ਚੱਕ ਵਿਖੇ ਸਰਪੰਚ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ । ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੈ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ ਅਤੇ ਪਿਛਲੇ 15-25 ਸਾਲਾਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ।
ਉਹਨਾਂ ਨੇ ਕਿਹਾ ਕਿ ਸੂਬੇ ਦੇ ਬਹੁਤੇ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਨ ਅਤੇ ਗੰਦਾ ਪਾਣੀ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਲਦੀ ਹੀ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।
ਉਹਨਾਂ ਇਸ ਮੌਕੇ ਪਿੰਡ ਵਾਸੀਆਂ ਨਾਲ ਪਿੰਡ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੇ ਵੇਰਵੇ ਸਾਂਝੇ ਕੀਤੇ।