ਪੰਜਾਬ ਪੁਲਿਸ ਦੀ ਦਖਲ ਅੰਦਾਜ਼ੀ ਨੂੰ ਲੈ ਕੇ ਕੈਮਿਸਟ ਭਾਈਚਾਰੇ ਨੇ ਦਿਖਾਏ ਤਿੱਖੇ ਤੇਵਰ
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2025 : ਪੁਲਿਸ ਪ੍ਰਸ਼ਾਸਨ ਵੱਲੋਂ ਡਰੱਗ ਵਿਭਾਗ ਦੀ ਮਦਦ ਨਾਲ ਕੈਮਿਸਟਾਂ ਦੇ ਕੰਮਾਂ 'ਚ ਕੀਤੀ ਜਾ ਰਹੀ ਦਖਲ ਅੰਦਾਜੀ ਨੂੰ ਨਜਾਇਜ਼ ਅਤੇ ਪਰੇਸ਼ਾਨ ਕਰਨ ਵਾਲੀ ਕਰਾਰ ਦਿੰਦਿਆਂ ਕੈਮਿਸਟ ਭਾਈਚਾਰੇ ਨੇ ਤਿੱਖੇ ਤੇਵਰ ਦਿਖਾਏ ਹਨ। ਬਠਿੰਡਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪੁਲਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਮਿਲ ਕੇ ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ ਮੰਡੀਆਂ 'ਚ ਕੈਮਿਸਟਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਕੈਮਿਸਟ ਭਾਈਚਾਰਾ ਖੁਦ ਨੂੰ ਅਪਮਾਨਿਤ ਮਹਿਸੂਸ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਮੂਹ ਕੈਮਿਸਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਹਮਾਇਤ ਕਰ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਜਥੇਬੰਦੀ ਅਧੀਨ ਆਉਂਦੀਆਂ ਸਮੂਹ ਯੂਨਿਟਾਂ ਵੱਲੋਂ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਕੀਤਾ ਜਾ ਰਿਹਾ ਹੈ।। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਮਿਸਟ ਗਲਤ ਕਾਰਵਾਈ ਕਰਦਾ ਪਾਇਆ ਗਿਆ, ਤਾਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸਬੰਧਤ ਦੁਕਾਨਦਾਰ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦੇਵੇਗੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਆਮ ਕੈਮਿਸਟਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।
ਉਨ੍ਹਾਂ ਨੇ ਦੱਸਿਆ ਕਿ ਉਹ ਪਿਛਲੇ 15 ਦਿਨਾਂ ਤੋਂ ਮਿਲਣ ਲਈ ਐਸਐਸਪੀ ਬਠਿੰਡਾ ਤੋਂ ਸਮਾਂ ਮੰਗ ਰਹੇ ਹਨ ਜੋ ਕਿ ਅਜੇ ਤੱਕ ਦਿੱਤਾ ਨਹੀਂ ਗਿਆ ਹੈ। ਪੁਲੀਸ ਦਖ਼ਲਅੰਦਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਵੀ ਇਸ ਕਾਰਵਾਈ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਕਾਰਵਾਈ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ 20 ਜਨਵਰੀ ਨੂੰ ਸਰਕਾਰ ਦੇ ਖੁਰਾਕ ਤੇ ਸਿਹਤ ਕਮਿਸ਼ਨਰ ਨਾਲ ਮੀਟਿੰਗ ਵੀ ਕੀਤੀ ਜਾ ਰਹੀ ਹੈ, ਜਿਸ ਵਿਚ ਸਾਰੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਬਠਿੰਡਾ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ 20 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਤੱਕ ਆਪਣੀ ਕਾਰਵਾਈ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕੈਮਿਸਟ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੰਮ ਕਰਦਾ ਹੈ, ਤਾਂ ਪੁਲੀਸ ਪ੍ਰਸ਼ਾਸਨ ਉਸ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ, ਜਿਸ ’ਤੇ ਐਸੋਸੀਏਸ਼ਨ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।