ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ 'ਤੇ ਚਲਾਈ ਗਈ ਤਲਾਸ਼ੀ ਮੁਹਿੰਮ: 38 ਨਸ਼ਾ ਤਸਕਰ ਗ੍ਰਿਫ਼ਤਾਰ
- ‘ਯੁੱਧ ਨਸ਼ਿਆਂ ਵਿਰੁੱਧ’: 38ਵੇਂ ਦਿਨ, ਪੰਜਾਬ ਪੁਲਿਸ ਨੇ 38 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 1.8 ਕਿਲੋ ਅਫ਼ੀਮ ਬਰਾਮਦ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਵੀ ਤਲਾਸ਼ੀ ਲਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 7 ਅਪ੍ਰੈਲ 2025 - ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 225 ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 225 ਬੱਸ ਅੱਡਿਆਂ 'ਤੇ ਤਕਰੀਬਨ 2947 ਲੋਕਾਂ ਦੀ ਤਲਾਸ਼ੀ ਲਈ ਗਈ।
ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 466 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 31 ਐਫਆਈਆਰ ਦਰਜ ਕਰਨ ਤੋਂ ਬਾਅਦ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 38 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5239 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 1.8 ਕਿਲੋ ਅਫੀਮ ਅਤੇ 17,600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 481 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸ ਨਾਲ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਇੱਕ ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।