ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਚੀਮਾ
- ਵਿੱਤ ਮੰਤਰੀ ਚੀਮਾ ਨੇ ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਵਿਖੇ ਮੀਟਿੰਗਾਂ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੀਤੀ ਅਗਵਾਈ
- ਮੁਹਿੰਮ ਦੀ ਸਫਲਤਾ ਲਈ ਲੋਕਾਂ ਦੀ ਸੁਹਿਰਦ ਹਿੱਸੇਦਾਰੀ ’ਤੇ ਦਿੱਤਾ ਜ਼ੋਰ
- ਨਸ਼ਾ ਤਸਕਰ ਜਾਂ ਪੰਜਾਬ ਛੱਡ ਕੇ ਭੱਜ ਰਹੇ ਹਨ ਜਾਂ ਪੁਲਿਸ ਵੱਲੋਂ ਕੀਤੇ ਜਾ ਰਹੇ ਹਨ ਕਾਬੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਮਾਰਚ 2025 - ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਣ ਨਾਲ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਰਹੇ ਹਨ ਜਾਂ ਪੁਲਿਸ ਦੁਆਰਾ ਫੜੇ ਜਾ ਰਹੇ ਹਨ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦਾ ਰਾਹ ਪੱਧਰਾ ਹੋ ਰਿਹਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿੰਨ ਜ਼ਿਲ੍ਹਿਆਂ- ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਆਪਣੇ ਦੌਰੇ ਦੌਰਾਨ ਸਥਾਨਕ ਲੀਡਰਸ਼ਿਪ ਦੀ ਹਾਜਰੀ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ, ਨਸ਼ਾ ਛੁਡਾਊ ਯਤਨਾਂ ਨੂੰ ਵਧਾਉਣ, ਨਸ਼ਾ ਕਾਰੋਬਾਰੀਆਂ ਵਿਰੁੱਧ ਪੁਲਿਸ ਕਾਰਵਾਈਆਂ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵਿਦਿਅਕ ਮੁਕਾਬਲੇ, ਖੇਡਾਂ ਅਤੇ ਸੱਭਿਆਚਾਰਕ ਸਮਾਗਮਾਂ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ।
ਤਰਨਤਾਰਨ ਵਿੱਚ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਹਲਕਾ ਪੱਟੀ ਤੋਂ ਪਹਿਲਕਦਮੀਆਂ ਦਾ ਹਵਾਲਾ ਦਿੰਦੇ ਹੋਏ ਨਸ਼ਿਆਂ ਵਿਰੁੱਧ ਇੱਕ ਵਿਆਪਕ ਜਨਤਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਠੱਲ੍ਹ ਪਾਉਣ ਲਈ ਮਤੇ ਪਾਸ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਖੇਡਾਂ ਵੱਲ ਮੋੜਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਵਿੱਤ ਮੰਤਰੀ ਨੂੰ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈ ਬਾਰੇ ਜਾਣੂ ਕਰਵਾਉਂਦੇ ਹੋਏ, ਐਸ.ਐਸ.ਪੀ. ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਪਿਛਲੇ ਸਾਲ 26 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਸੀ, ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਜਾ ਚੁੱਕੀ ਹੈ, ਅਤੇ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਅਟੈਚ ਕਰਨ ਲਈ ਕਾਰਵਾਈ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਅਤੇ ਇਸ ਮੁਹਿੰਮ ਦੇ ਹਿੱਸੇ ਵਜੋਂ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।
ਪਠਾਨਕੋਟ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸਵਰਨ ਸਲਾਰੀਆ ਅਤੇ ਜ਼ਿਲ੍ਹੇ ਦੇ ਹੋਰ ਪਤਵੰਤੇ ਮੌਜੂਦ ਸਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪਠਾਨਕੋਟ ਪੁਲਿਸ ਹਿਮਾਚਲ ਖੇਤਰ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਵਪਾਰ ਨੂੰ ਰੋਕਣ ਲਈ ਹਿਮਾਚਲ ਪੁਲਿਸ ਨਾਲ ਇੱਕ ਸਾਂਝੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਲਗਭਗ 500 ਵਾਰਡ-ਪੱਧਰੀ ਅਤੇ ਪਿੰਡ-ਪੱਧਰੀ ਕਮੇਟੀਆਂ ਨਸ਼ਿਆਂ ਦੇ ਵਪਾਰ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸਹਾਇਕ ਹੋਣਗੀਆਂ।
ਗੁਰਦਾਸਪੁਰ ਵਿੱਚ ਮੀਟਿੰਗ ਦੇਰ ਸ਼ਾਮ ਹੋਈ, ਜਿੱਥੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਕਈ ਹੋਰ ਪਤਵੰਤੇ ਵਿੱਤ ਮੰਤਰੀ ਦੇ ਨਾਲ ਸ਼ਾਮਲ ਰਹੇ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਹੋਵੇ। ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਡਾਕਟਰੀ ਦੇ ਪੇਸ਼ੇ ਰਾਹੀਂ ਨਸ਼ੇ ਫੈਲਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਕਰਨ ਲਈ ਕਿਹਾ ਅਤੇ ਸਿਵਲ ਸਰਜਨ ਨੂੰ 10 ਦਿਨਾਂ ਦੇ ਅੰਦਰ ਇਨ੍ਹਾਂ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਓਟ ਕੇਂਦਰਾਂ ਅਤੇ ਨਸ਼ਾ ਛੁਡਾਊ ਤੇ ਮੁੜ-ਵਸੇਬਾ ਕੇਂਦਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਵੀ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ,ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਗ਼ਰਕਣ ਤੋਂ ਬਚਾਉਣ ਲਈ ‘ਉਮੀਦ’ ਮੁਹਿੰਮ ਦੀ ਸ਼ੁਰੂਆਤ ਅਤੇ ਹੌਟਸਪੌਟ ਖੇਤਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕਰਨਾ ਸ਼ਾਮਲ ਹੈ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ ਅਤੇ ਐਸਐਸਪੀ ਬਟਾਲਾ ਸੋਹੇਲ ਕਾਸਿਮ ਮੀਰ ਨੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈਆਂ ਬਾਰੇ ਰਿਪੋਰਟਾਂ ਪੇਸ਼ ਕੀਤੀਆਂ।