ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ - ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੰਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੇਸ਼ ਕੀਤੇ ਗਏ ਬਜਟ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ।
ਸ. ਬਰਸਟ ਨੇ ਕਿਹਾ ਕਿ ਬਜਟ ਵਿੱਚ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਚੰਗੀ ਅਤੇ ਭਵਿੱਖਮੁਖੀ ਸੋਚ ਨੂੰ ਦਰਸਾਉਂਦਾ ਹੈ ਅਤੇ ਸਿੱਖਿਆ, ਸਿਹਤ, ਕਿਸਾਨੀ, ਰੁਜ਼ਗਾਰ, ਖੇਡਾਂ ਸਮੇਤ ਹਰ ਖੇਤਰ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਿਸਾਲੀ ਕਾਰਜ਼ ਕੀਤੇ ਗਏ ਹਨ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਖੇਡਾਂ ਵਾਸਤੇ 979 ਕਰੋੜ ਰੁਪਏ ਦਾ ਬਜਟ ਰਖਣਾ ਚੰਗੀ ਗੱਲ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਝੂਠੇ ਵਾਅਦੇ ਨਾ ਕਰਦੇ ਹੋਏ ਲੋਕ ਹਿੱਤ ਵਿੱਚ ਕਾਰਜ ਕਰਕੇ ਦਿਖਾਏ ਹਨ ਅਤੇ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ ਇਹ ਬਜਟ ਮਹੱਤਵਪੂਰਨ ਭੂਮਿਕਾ ਨਿਭਾਵੇਗਾ।
--------------------------------