ਪੰਜਾਬ ਸਰਕਾਰ ਨੇ ਵਿਕਾਸ ਕ੍ਰਾਂਤੀ ਤਹਿਤ ਗੁਰਦਾਸਪੁਰ ਦੇ ਪਿੰਡਾਂ ਲਈ ਜਾਰੀ ਕੀਤੀ ਵਿਸ਼ੇਸ਼ ਗਰਾਂਟ
ਚੇਅਰਮੈਨ ਰਮਨ ਬਹਿਲ ਨੇ ਹਲਕੇ ਦੀਆਂ ਪੰਚਾਇਤਾਂ ਨੂੰ 2.45 ਕਰੋੜ ਰੁਪਏ ਦੀ ਗਰਾਂਟ ਦੇ ਚੈੱਕ ਤਕਸੀਮ ਕੀਤੇ
ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ - ਰਮਨ ਬਹਿਲ
ਗੁਰਦਾਸਪੁਰ, 01 ਜੁਲਾਈ 2025- ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਛੱਪੜਾਂ ਦੀ ਸਫ਼ਾਈ ਤੇ ਨਵੀਨੀਕਰਨ ਤੋਂ ਇਲਾਵਾ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਥਾਨਿਕ ਪੰਚਾਇਤ ਭਵਨ ਵਿਖੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 45 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.45 ਕਰੋੜ ਰੁਪਏ ਦੀ ਗਰਾਂਟ ਦੇ ਚੈੱਕ ਤਕਸੀਮ ਕੀਤੇ।
ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੇ ਚੈੱਕ ਤਕਸੀਮ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਹਲਕੇ ਦੇ 45 ਪਿੰਡਾਂ ਨੂੰ ਪੰਚਾਇਤ ਵਿਭਾਗ ਵੱਲੋਂ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਦਕਿ ਇਨ੍ਹਾਂ ਪਿੰਡਾਂ ਵਿੱਚ 1.25 ਕਰੋੜ ਰੁਪਏ ਜਲ ਸਪਲਾਈ ਵਿਭਾਗ ਵੱਲੋਂ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਉੱਪਰ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੀ ਇਹ ਕੁੱਲ ਗਰਾਂਟ 2.45 ਕਰੋੜ ਰੁਪਏ ਬਣਦੀ ਹੈ ਜਿਸ ਨਾਲ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਹੋਣਗੇ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਂਦੇ ਸਮੇਂ ਵਿੱਚ ਵਿਕਾਸ ਕਾਰਜਾਂ ਲਈ ਹੋਰ ਵੀ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਵਿਕਾਸ ਪੱਖੋਂ ਪਿੰਡਾਂ ਨੂੰ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਗਰਾਂਟ ਇਮਾਨਦਾਰ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਟੈਕਸਾਂ ਦੀ ਕਮਾਈ ਵਿਚੋਂ ਦਿੱਤੀ ਗਈ ਹੈ ਅਤੇ ਇਸ ਗਰਾਂਟ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਬਿਹਤਰੀ ਲਈ ਖ਼ਰਚਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਖ਼ੁਦ ਖ਼ਿਆਲ ਰੱਖਣ ਤਾਂ ਜੋ ਸਹੀ ਅਰਥਾਂ ਵਿੱਚ ਵਿਕਾਸ ਕ੍ਰਾਂਤੀ ਦਾ ਲਾਭ ਅਵਾਮ ਨੂੰ ਮਿਲ ਸਕੇ।
ਇਸ ਮੌਕੇ ਹਲਕੇ ਦੀਆਂ ਪੰਚਾਇਤਾਂ ਨੇ ਗਰਾਂਟਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਗੁਰਦਾਸਪੁਰ ਦਿਲਬਾਗ ਸਿੰਘ, ਐਕਸੀਅਨ ਜਲ ਸਪਲਾਈ ਵਿਭਾਗ ਵਿਜੈ ਕੁਮਾਰ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਬੱਬਰੀ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਹਨੀ ਬਹਿਲ, ਪਰਮਜੀਤ ਸਿੰਘ ਪੰਮਾ ਹਸਨਪੁਰ, ਬਿਕਰਮਜੀਤ ਸਿੰਘ ਸੋਢੀ, ਬਾਵਾ ਬਹਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੇ ਪੰਚ-ਸਰਪੰਚ ਹਾਜ਼ਰ ਸਨ।