68 ਲਾਭਪਾਤਰੀਆਂ ਨੂੰ ਵੰਡੇ 90 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ
ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਐਮ.ਐਲ.ਏ. ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 08 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਬਰੀਵਾਲਾ ਦੀ ਪੰਚਾਇਤੀ ਧਰਮਸ਼ਾਲਾ ਵਿਖੇ ਐੱਸ.ਸੀ. ਭਾਈਚਾਰੇ ਨਾਲ ਸਬੰਧਤ 68 ਲਾਭਪਾਤਰੀਆਂ ਨੂੰ 90 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ।
ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਨਗਰ ਪੰਚਾਇਤ ਬਰੀਵਾਲਾ ਤੋਂ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ ਅਤੇ ਮੀਤ ਪ੍ਰਧਾਨ ਰਾਜੇਸ਼ ਕੁਮਾਰ ਗਾਂਧੀ, ਕੌਂਸਲਰ ਡਾ ਅਜੀਤ ਸਿੰਘ, ਕੌਂਸਲਰ ਇਕਬਾਲ ਸਿੰਘ, ਕੌਂਸਲਰ ਰਾਜ ਕੁਮਾਰ, ਕੌਂਸਲਰ ਸਤਨਾਮ ਸਿੰਘ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਗਰਗ, ਸ਼ੈਲਰ ਯੂਨੀਅਨ ਦੇ ਪ੍ਰਧਾਨ ਜਗਸੀਰ ਚਰਨਾ, ਸਰਪੰਚ ਅਰਸ਼ ਬਰਾੜ ਜੱਸੇਆਣਾ, ਸਰਪੰਚ ਡਾਕਟਰ ਜੁਗਰਾਜ ਸਿੰਘ ਵੜਿੰਗ, ਸਰਪੰਚ ਜਸਕਰਨ ਸਿੰਘ ਵੱਟੂ, ਸਰਪੰਚ ਡੋਡਾਂਵਾਲੀ ਮੰਗਾ ਸ਼ਰਮਾ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਬਲੂ ਬਰਾੜ, ਨਿਸ਼ਚੇ ਫਾਊਂਡੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।