ਪੰਜਾਬ ਸਰਕਾਰ ਮਜ਼ਦੂਰਾਂ, ਕਿਰਤੀਆਂ, ਕਾਮਿਆਂ ਦੀ ਭਲਾਈ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਨੇ ਕੌਮਾਂਤਰੀ ਮਜ਼ਦੂਰ ਦਿਵਸ ’ਤੇ ਦਿੱਤੀਆਂ ਮੁਬਾਰਕਾਂ
ਜਲੰਧਰ, 1 ਮਈ 2025 : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਕਿਰਤੀਆਂ, ਕਾਮਿਆਂ, ਮਜ਼ਦੂਰਾਂ ਨੂੰ ਮੁਬਾਰਕਬਾਦ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਵਿੱਚ ਮਜ਼ਦੂਰਾਂ, ਕਿਰਤੀਆਂ ਦਾ ਯੋਗਦਾਨ ਬਹੁਤ ਅਹਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਂਦੇ ਹਨ, ਉਤਪਾਦਨ ਦਾ ਸੰਚਾਲਨ ਕਰਦੇ ਹਨ, ਜੋ ਕਿਸੇ ਵੀ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਅਤਿ ਲੋੜੀਂਦਾ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ, ਕਿਰਤੀਆਂ, ਕਾਮਿਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਪੂਰੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਬਿਹਤਰੀ ਅਤੇ ਸਹੂਲਤਾਂ ਪੱਖੋਂ ਸੂਬਾ ਸਰਕਾਰ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।