ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 10 ਮਾਰਚ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ੀਨਾਜ ਮਿੱਤਲ ਨੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ , ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੀਨਾਜ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਲੋਕ ਲਹਿਰ ਚਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਬਹੁਤ ਜਰੂਰੀ ਹੈ ਕਿਉਂਕਿ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾ ਕੇ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ
ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ, ਇੰਸਪੈਕਟਰ ਤੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ , ਉਨ੍ਹਾਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਇਸ ਮੁਹਿੰਮ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ
ਡੀ.ਆਰ. ਸ਼ੀਨਾਜ ਮਿੱਤਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਦੇਣ ਲਈ ਵਚਨਬੱਧ ਹੋਣਗੇ ਅਤੇ ਨਸ਼ਿਆਂ ਦੀ ਥਾਂ ਚੰਗੀ ਖੁਰਾਕ, ਮਿਹਨਤ ਅਤੇ ਇਮਾਨਦਾਰੀ ਨਾਲ ਜੀਵਨ ਜਿਉਂਦੇ ਹੋਏ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਦੇਣਗੇ। ਇਸ ਮੌਕੇ ਇਫਕੋ ਦੇ ਜ਼ਿਲ੍ਹਾ ਮੈਨੇਜਰ ਹਿਮਾਂਸ਼ੂ ਜੈਨ ਸਮੇਤ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ