ਪੰਜਾਬ ਸਰਕਾਰ ਸੂਬੇ ’ਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ: ਮਹਿੰਦਰ ਭਗਤ
- ਸੂਬੇ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ
- ਸੂਬਾ ਵਾਸੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਦਾ ਸੱਦਾ
ਜਲੰਧਰ, 4 ਮਾਰਚ 2025 - ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੈਨਿਕ ਭਲਾਈ ਦਫ਼ਤਰ ਵਿਖੇ ਖੇਤਰੀ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਭਗਤ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਜਿਥੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਾ ਤਸਕਰਾਂ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਕੇ ਬਣਾਈ ਗਈ ਜਾਇਦਾਦ ਨੂੰ ਜਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸੂਬੇ ਭਰ ਵਿੱਚ ‘ਕਾਸੋ’ ਮੁਹਿੰਮ ਤਹਿਤ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ਿਆਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਕਈ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਭਗਤ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਜਨਤਕ ਲਹਿਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਵਿੱਚ ਵੱਡਮੁੱਲਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਾ ਤਸਕਰੀ ਸਬੰਧੀ ਕੋਈ ਸ਼ੱਕੀ ਕਾਰਵਾਈ ਧਿਆਨ ਵਿੱਚ ਆਉਂਦੀ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਨਸ਼ਾ ਸਮਗਲਿੰਗ ਸਬੰਧੀ ਜਾਣਕਾਰੀ ਦੇਣ ਵਾਲੇ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ।