ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ - ਵਿਧਾਇਕ ਰੰਧਾਵਾ
ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ 'ਤੇ ਆ ਸਕੇ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਸਤੰਬਰ 2025- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਐਮ.ਐਲ.ਏਜ਼ ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।
ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਲਗਾਤਾਰ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜ਼ੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ।
ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ 'ਤੇ ਆ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਵ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰ ਰਹੀਆਂ ਹਨ। ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ, ਇਲਾਕਿਆਂ ਵਿੱਚ ਫੋਗਿੰਗ ਅਤੇ ਸਕੂਲਾਂ ਵਿੱਚ ਆਰ.ਓ. ਸਿਸਟਮ ਲਗਾ ਕੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਦਾ ਖ਼ਤਰਾ ਨਾ ਰਹੇ।
ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪਿੰਡ ਦੇ ਬਹੁਤ ਸਾਰੇ ਪਰਿਵਾਰ ਆਪਣਾ ਘਰ, ਪਸ਼ੂ ਪਾਲਣ ਅਤੇ ਰੋਜ਼ਾਨਾ ਵਰਤੋਂ ਵਾਲਾ ਸਮਾਨ ਹੜ੍ਹਾਂ ਦੀ ਭੇਂਟ ਚੜ੍ਹਾ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ।