ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਅਭਿਆਨ ਤਹਿਤ ਵੱਖ ਵੱਖ ਥਾਂਵਾਂ ਤੇ ਤਲਾਸ਼ੀ ਮੁਹਿੰਮ ਚਲਾਈ
- ਪੁਲਿਸ ਵੱਲੋਂ ਸਬ- ਡਵੀਜਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਕੀਤਾ ਗਿਆ ਸਰਚ ਅਭਿਆਨ
- ਨਸ਼ਾ ਸਮਗਲਰਾਂ ਨਾਲ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ : ਆਈ.ਜੀ ਗੁਰਦਿਆਲ ਸਿੰਘ
- ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਹਰ ਸੰਭਵ ਕਦਮ ਚੁੱਕਾਂਗੇ : ਐਸਐਸਪੀ ਮੈਡਮ ਪ੍ਰਗਿਆ ਜੈਨ
ਮਨਜੀਤ ਸਿੰਘ ਢੱਲਾ
ਜੈਤੋ , 01 ਮਾਰਚ 2025 - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਜੜ੍ਹ ਤੋਂ ਖਾਤਮੇ ਲਈ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੀ ਮੁਹਿੰਮ ਤਹਿਤ ਪੂਰੇ ਰਾਜ ਵਿੱਚ ਚਲਾਏ ਜਾ ਰਹੇ ਸਰਚ ਅਭਿਆਨ ਤਹਿਤ ਅੱਜ ਫਰੀਦਕੋਟ ਜਿਲ੍ਹੇ ਵਿਚ ਦੀਆਂ ਵੱਖ-ਵੱਖ ਸਬ-ਡਵਿਜਨਾਂ ਅਤੇ ਪੁਲਿਸ ਸਟੇਸ਼ਨਾਂ ਅਧੀਨ ਆਉਂਦੇ ਇਲਾਕਿਆਂ ਵਿਚ ਵੱਡੀ ਪੱਧਰ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਲਈ ਪੁਲਿਸ ਨੇ ਮੁਹਿੰਮ ਨੂੰ ਹੋਰ ਤੇਜ਼ ਕੀਤਾ।
ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੀ ਅਗਵਾਈ ਪੰਜਾਬ ਪੁਲਿਸ ਦੇ ਆਈ. ਜੀ ਸ. ਗੁਰਦਿਆਲ ਸਿੰਘ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਈ. ਜੀ. ਸ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਜਿਲ੍ਹਿਆ ਵਿਚ ਸਰਚ ਓਪਰੇਸ਼ਨ ਚੱਲ ਰਿਹਾ ਹੈ। ਇਸੇ ਮੁਹਿੰਮ ਤਹਿਤ ਫਰੀਦਕੋਟ ਵਿਖੇ ਤਿੰਨ ਜਗ੍ਹਾ ਤੇ ਜੈਤੋ ਦੋ ਜਗ੍ਹਾ ਅਤੇ ਕੋਟਕਪੂਰਾ ਵਿਖੇ 1 ਜਗ੍ਹਾ ਸਰਚ ਓਪਰੇਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਕੇ ਸ਼ੁਰੂ ਕੀਤੇ ਗਏ ਅਭਿਆਨ ਨੂੰ ਸਫਲ ਬਣਾਇਆ ਜਾ ਸਕੇ।
ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਲੋਕ ਆਪਣੀ ਜੁੰਮੇਵਾਰੀ ਸਮਝਦੇ ਹੋਏ ਜਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਤਾਂ ਜੋ, ਅਜਿਹੇ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ, ਇਸਦੇ ਲਈ ਕਿਸੇ ਨੂੰ ਡਰਨ ਦੀ ਲੋੜ ਨਹੀਂ। ਉਨਾ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹੋਰ ਵੀ ਸੁਖਾਲਾ ਹੋਵੇਗਾ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਆਈ ਜੀ ਸ. ਗੁਰਦਿਆਲ ਸਿੰਘ ਨੇ ਕਿਹਾ ਕਿ ਜੋ ਲੋਕ ਇਸ ਤਰ੍ਹਾਂ ਦੇ ਗਲਤ ਕੰਮ ਕਰਦੇ ਹਨ, ਕਿਸੇ ਦਾ ਜਾਨੀ ਨੁਕਸਾਨ ਕਰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਵੇਗੀ ਅਤੇ ਵਪਾਰਕ ਮੰਤਵ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਜਾਇਦਾਦਾਂ ਨੂੰ ਸੌ ਫੀਸਦੀ ਢਾਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜੀਰੋ ਟਾਲਰੈਂਸ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹ ਮੁਹਿੰਮ ਜਾਰੀ ਸੀ ਅਤੇ ਪੰਜਾਬ ਸਰਾਕਰ ਦੇ ਆਦੇਸ਼ਾਂ ਅਨੁਸਾਰ ਇਸ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ।
ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਸ਼ਹਿਰ ਦੇ ਅੰਬੇਦਕਰ ਨਗਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਵੱਖ-ਵੱਖ ਇਲਾਕਿਆਂ ਦੇ ਹਾਟ ਸਪਾਟ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਕੋਟਕਪੂਰਾ ਜੈਤੋ ਤੇ ਸਾਦਿਕ ਦੇ ਇਲਾਕਿਆਂ ਚ ਵੀ ਪੁਲਿਸ ਵੱਲੋਂ ਵੱਡੀ ਪੱਧਰ ਤੇ ਸਰਚ ਓਪਰੇਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ।
ਐਸ.ਐਸ.ਪੀ ਨੇ ਕਿਹਾ ਕਿ ਮਾਪਿਆ ਨੂੰ ਵੀ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਸੁਚੇਤ ਕਰਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਕਰੜੇ ਹੱਥੀਂ ਨਿਪਟਿਆ ਜਾਵੇ।
ਇਸ ਮੌਕੇ ਐਸ.ਪੀ ਇੰਨਵੈਸਟੀਗੇਸ਼ਨ ਜਸਮੀਤ ਸਿੰਘ, ਸ੍ਰੀ ਬਲਜੀਤ ਸਿੰਘ ਭੁੱਲਰ ਐਸ.ਪੀ, ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਡੀ) ਸ਼੍ਰੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ, ਸ੍ਰੀ ਰਾਜ ਕੁਮਾਰ ਡੀ.ਐਸ.ਪੀ(ਐਫ ਐਡ ਐਫ), ਸ਼੍ਰੀ ਜਤਿੰਦਰ ਸਿੰਘ ਡੀ.ਐਸ.ਪੀ(ਕੋਟਕਪੂਰਾ), ਸ੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਜੈਤੋ) ਅਤੇ ਸਮੂਹ ਅਧਿਕਾਰੀ/ ਕਰਮਚਾਰੀ ਹਾਜਰ ਸਨ।