ਫਿਰੋਜ਼ਪੁਰ: ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਹੜ ਪੀੜਤ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਵੰਡੀ ਗਈ
ਫਿਰੋਜ਼ਪੁਰ, 19 ਨਵੰਬਰ 2025- ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾਂ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਚ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਮਦਦ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ, ਜ਼ਿਲ੍ਹਾ ਸਕੱਤਰ ਗਗਨ ਬਰਾੜ ਅਤੇ ਬਲਾਕ ਮੱਲਾਂਵਾਲਾ ਦੇ ਸਕੱਤਰ ਗੁਰਪ੍ਰੀਤ ਮੱਲੋਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਲਾ ਮੇਘਾ, ਕਾਲੂ ਵਾਲਾ, ਟੇਂਡੀ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਨਿਹਾਲੇ ਵਾਲਾ ਵਿਖੇ ਪੜਦੇ 300 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ (ਕਾਪੀਆਂ, ਪੈਨ, ਪੈਂਸਲਾ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੇ ਵਾਲਾ ਅਤੇ ਭੰਮਾ ਸਿੰਘ ਵਾਲਾ ਵਿਖੇ ਪੜ੍ਹਦੇ 150 ਕਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਸਮੇਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਅਤੇ ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਧਿਆਪਕਾਂ ਦੀ ਪ੍ਰਤੀਨਿਧ ਜੱਥੇਬੰਦੀ ਕੇਵਲ ਤਨਖਾਹਾਂ ਭੱਤਿਆਂ ਅਤੇ ਵਿਭਾਗੀ ਮਸਲਿਆਂ ਤੇ ਹੀ ਨਹੀਂ ਲੜਦੀ ਸਗੋਂ ਇਸ ਤੋਂ ਬਿਨਾਂ ਮਾਪਿਆਂ, ਵਿਦਿਆਰਥੀਆਂ ਅਤੇ ਲੋਕਾਂ ਦੇ ਔਖੇ ਸਮੇਂ ਮੋਢੇ ਨਾਲ ਮੋਢਾ ਲਾ ਕੇ ਵੀ ਖੜਦੀ ਹੈ।
ਉਨ੍ਹਾਂ ਕਿਹਾ ਕਿ ਹੜਾਂ ਕਾਰਨ ਲੋਕਾਂ ਨੂੰ ਨਾ ਸਿਰਫ਼ ਘਰਾਂ ਦੀ ਹਾਨੀ ਝੱਲਣੀ ਪਈ ਹੈ ਸਗੋਂ ਮੁੱਢਲੀਆਂ ਜ਼ਰੂਰਤਾਂ ਵੀ ਪ੍ਰਭਾਵਿਤ ਹੋਈਆਂ ਹਨ। ਇਸ ਲਈ ਜੱਥੇਬੰਦੀ ਵਲੋਂ ਇਨ੍ਹਾਂ ਦੇ ਮੁੜ ਵਸੇਬੇ ਲਈ ਲਗਾਤਾਰ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਹਨਾਂ ਦੀ ਸਹਾਇਤਾ ਕਰਨਾ ਹਰ ਸਿੱਖਿਆ ਪ੍ਰੇਮੀ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਅਧਿਆਪਕਾਂ ਨੇ ਡੀ.ਟੀ.ਐਫ. ਦੇ ਜ਼ਿਲ੍ਹਾ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਯਤਨਾਂ ਨਾਲ ਬੱਚਿਆਂ ਦੇ ਮਨੋਬਲ ਨੂੰ ਮਜ਼ਬੂਤੀ ਮਿਲਦੀ ਹੈ।