ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : DC ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 13 ਫਰਵਰੀ 2025: ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਸਾਰੇ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਟੀਸ਼ਨ ਦੇ ਕੇਸਾਂ ਤੋਂ ਇਲਾਵਾ ਰਿਕਵਰੀ ਦੇ ਕੇਸਾਂ ਨੂੰ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਕਸ਼ੇ ਚੈੱਕ ਕਰਕੇ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਭੂ-ਪ੍ਰਾਪਤੀ ਪ੍ਰੋਜੈਕਟ, ਇੰਤਕਾਲ, ਡੀਮਾਰਕੇਸ਼ਨ, ਜਮ੍ਹਾਂਬੰਦੀਆਂ ਅਤੇ ਮੇਰਾ ਘਰ ਮੇਰੇ ਨਾਮ, ਆਦਿ ਕਾਰਜਾਂ ਬਾਰੇ ਵੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਵਿਭਾਗ ਵਲੋਂ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਕੀਮਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦਿੱਤੇ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਅੰਦਰ ਬਣੀਆਂ ਕੈਮਿਸਟ ਦੀਆਂ ਦੁਕਾਨਾਂ ’ਤੇ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਿਨ੍ਹਾ ਲਾਇਸੰਸਾਂ ਤੋਂ ਚੱਲ ਰਹੇ ਕੈਮਿਸਟਾਂ ਖਿਲਾਫ ਤਰੁੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਦੇ ਜਣੇਪਿਆਂ ਨੂੰ ਹਸਪਤਾਲ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਨਸੀਓਆਰਡੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਅੰਦਰ ਨਸ਼ਿਆ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੱਕੇ ਤੌਰ ’ਤੇ ਕੌਂਸਲਰ ਨਿਯੁਕਤ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੀਆਂ ਵੈਨਾਂ ਦੇ ਡਰਾਈਵਰਾਂ ਦਾ ਡਰਾਈਵਿੰਗ ਲਾਇਸੰਸ, ਪੁਲਿਸ ਵੈਰੀਫਿਕੇਸ਼ਨ, ਡੋਪ ਟੈਸਟ ਅਤੇ ਅੱਖਾਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਵੇਰ ਦੀ ਸਭਾ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸੁਚੱਜੀ ਆਵਾਜਾਈ ਦੇ ਮੱਦੇਨਜ਼ਰ ਅਤੇ ਦੁਰਘਟਾਨਾਵਾਂ ਰੋਕਣ ਲਈ ਪ੍ਰਭਾਵਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਈਟੀਆਈ ਫਲਾਈ ਓਵਰ ਦੇ ਕੋਲ ਸਪੀਡ ਬਰੇਕਰ ਬਣਾਉਣੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਸਮੇਸ਼ ਸਕੂਲ ਦੇ ਕੋਲ ਬਣੇ ਸਪੀਡ ਬਰੇਕਰਾਂ ’ਤੇ ਚਿੱਟੀ ਕਲੀ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜੋੜਨ ਲਈ ਗਰਾਊਂਡ ਬਣਾ ਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆਂ ਜਾ ਸਕੇ।
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਵਧੀਕ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਰਮਨਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ-ਕਮ-ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ, ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫਸਰ, ਤਹਿਸੀਲਦਾਰ-ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।