ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ (ਬਟਾਲਾ), 7 ਜਨਵਰੀ 2025- ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ, ਸਾਈਬਰ ਅਪਰਾਧ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਸਾਈਬਰ ਕਰਾਇਮ ਅਤੇ ਸਾਂਝ ਸੇਵਾਵਾਂ ਬਾਰੇ ਵੀ ਜਾਗਰੂਕਤ ਕੀਤਾ ਗਿਆ।