ਬਠਿੰਡਾ:ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਤਿੰਰਗਾ
ਅਸ਼ੋਕ ਵਰਮਾ
ਬਠਿੰਡਾ, 20 ਜਨਵਰੀ 2025 : ਗਣਤੰਤਰ ਦਿਵਸ 26 ਜਨਵਰੀ 2025 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰੋਗਰਾਮ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਰੀਵਿਊ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਸਮੇਂ-ਸਿਰ ਨੇਪਰੇ ਚੜ੍ਹਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਸਾਫ਼-ਸਫ਼ਾਈ ਤੋਂ ਇਲਾਵਾ ਰੰਗ-ਬਿਰੰਗੇ ਝੰਡੇ ਅਤੇ ਲੋੜੀਂਦੇ ਪਖ਼ਾਨਿਆਂ ਦਾ ਢੁਕਵਾਂ ਪ੍ਰਬੰਧ ਕਰਨਾ ਯਕੀਨੀ ਬਣਾਉਣ, ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ, ਲੋਕ ਨਿਰਮਾਣ ਵਿਭਾਗ ਨੂੰ ਬੈਰੀਕੇਡਿੰਗ, ਪੀ.ਐਸ.ਪੀ.ਸੀ.ਐਲ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਕਰਨ ਲਈ ਹਦਾਇਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਸਟੇਜ ਅਤੇ ਸਟੇਡੀਅਮ ਦੀ ਸਜਾਵਟ ਦੇ ਨਾਲ-ਨਾਲ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਦੀ ਸਜਾਵਟ ਕਰਨ ਅਤੇ ਸ਼ਹਿਰ ਅੰਦਰ ਸਵਾਗਤੀ ਗੇਟ ਲਗਾਉਣ ਲਈ ਵੀ ਆਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ.ਸ਼ੋਅ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵਿਕਾਸ ਕਾਰਜਾਂ ਬਾਰੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਆਦਿ ਦੀਆਂ ਤਿਆਰੀਆਂ ਵੀ ਸਮਾਂ ਰਹਿੰਦਿਆਂ ਪੂਰੀਆਂ ਕਰਨ ਲਈ ਹਦਾਇਤ ਕੀਤੀ।
ਇਸ ਮੌਕੇ ਐਸ.ਪੀ. ਨਰਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਤਹਿਸਲੀਦਾਰ ਬਠਿੰਡਾ ਮੈਡਮ ਦਿਵਿਆ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਸ਼੍ਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ਼੍ਰੀਮਤੀ ਮਨਿੰਦਰ ਕੌਰ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।