ਬਠਿੰਡਾ ਵਿੱਚ ਕਿਸੇ ਵੀ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ
ਅਸ਼ੋਕ ਵਰਮਾ
ਬਠਿੰਡਾ, 7 ਮਈ 2025 : ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅੱਜ ਇਥੇ ਸਥਾਨਕ ਰੇਲਵੇ ਸਟੇਸ਼ਨ, ਮਿੱਤਲ ਮਾਲ ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨਐਫਐਲ) ਵਿਖੇ ਮੌਕ ਡਰਿੱਲ ਅਭਿਆਸ ਕਰਵਾਏ ਗਏ, ਜੋ ਕਿ ਸਫਲਤਾਪੂਰਵਕ ਰਹੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੌਕ ਡਰਿੱਲ ਤੇ ਬਲੈਕ ਆਊਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਇਸ ਮੌਕ ਡਰਿੱਲ ਦਾ ਮੁੱਖ ਮੰਤਵ ਭਵਿੱਖ ਵਿੱਚ ਸੰਕਟ ਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈਂਸ, ਮੈਡੀਕਲ ਟੀਮਾਂ, ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੌਕ ਡਰਿੱਲ ਕਰਵਾ ਕੇ ਟਰੇਨਿੰਗ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਕਟ ਆਉਂਦਾ ਹੈ ਤਾਂ ਕਿਸੇ ਕਿਸਮ ਦੀ ਘਬਰਾਉਣ ਦੀ ਜਰੂਰਤ ਨਹੀਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਉਸ ਤੋਂ ਬਾਅਦ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਬੈਠ ਜਾਣ, ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕ 'ਤੇ ਚਲਦੇ ਰਾਹਗੀਰ ਜਾਂ ਗੱਡੀਆਂ ਵੱਲੋਂ ਐਮਰਜੈਂਸੀ ਵਹੀਕਲ, ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ, ਨੂੰ ਤੁਰੰਤ ਰਸਤਾ ਦਿੱਤਾ ਜਾਵੇ। ਇਸ ਮੌਕ ਡਰਿੱਲ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੋਂ ਇਲਾਵਾ ਐਨਡੀਆਰਐਫ, ਐਨਸੀਸੀ ਕੈਡਿਟ ਤੇ ਯੁਵਕ ਸੇਵਾਵਾਂ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕਰਕੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ ਗਈਆ।