ਬਾਬਾ ਬਲਬੀਰ ਸਿੰਘ ਨੇ ਨਿਊਜ਼ੀਲੈਂਡ 'ਚ ਹੋਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ 'ਤੇ ਵਧਾਈ ਦਿੱਤੀ
ਅੰਮ੍ਰਿਤਸਰ:- 11 ਦਸੰਬਰ 2025 ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਊਜ਼ੀਲੈਂਡ ਵਿਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ 'ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਜਿਸ ਵੀ ਦੇਸ਼ ਵਿੱਚ ਵੱਸੇ ਹਨ ਉਨ੍ਹਾਂ ਨੇ ਆਪਣੀ ਮੇਹਨਤ ਸਦਕਾ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬੀਆਂ ਨੇ ਵਿਦੇਸ਼ ਅੰਦਰ ਰਹਿੰਦਿਆ ਆਪਣੇ ਸਭਿਆਚਾਰ ਅਤੇ ਖੇਡਾਂ ਪ੍ਰਤੀ ਹਮੇਸ਼ਾ ਵੱਡੇ ਉਪਰਾਲੇ ਕੀਤੇ ਅਤੇ ਆਪਣੀਆਂ ਰਵਾਇਤਾਂ ਤੇ ਖੇਡ ਸਭਿਆਚਾਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਿਕ ਤੰਦਰੁਸਤੀ ਲਈ ਵਿਰਾਸਤੀ ਖੇਡਾਂ ਨਾਲ ਜੋੜਨਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਨੌਜਵਾਨਾ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਵਿਸ਼ਵ ਕਬੱਡੀ ਲਈ ਕੀਤੇ ਇਸ ਉਪਰਾਲੇ ਲਈ ਸੁਪਰੀਮ ਸਿੱਖ ਸੋਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਅਤੇ ਸਾਰੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਪ੍ਰਸੰਸਾ ਕਰਦਿਆਂ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰੱਖਣ ਦੀ ਆਸ ਪ੍ਰਗਟਾਈ।