ਬਿਜਲੀ ਮੁਲਾਜ਼ਮਾਂ, ਇੰਜੀਨੀਅਰਾਂ ਅਤੇ ਪੈਨਸ਼ਨਰਾਂ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਧਰਨਾ
ਪਾਵਰਕੋਮ ਦੀਆਂ ਖਾਲੀ ਜ਼ਮੀਨਾਂ ਵੇਚਣ ਦੇ ਫੈਸਲੇ ਅਤੇ ਬਿਜਲੀ ਸੋਧ ਬਿੱਲ 2025 ਵਿਰੁੱਧ ਖੋਲ੍ਹਿਆ ਮੋਰਚਾ
ਪਟਿਆਲਾ, 4 ਫਰਵਰੀ 2026: ਅੱਜ ਪੰਜਾਬ ਭਰ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ, ਇੰਜੀਨੀਅਰਾਂ ਅਤੇ ਪੈਨਸ਼ਨਰਾਂ ਨੇ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ (PSJAC) ਦੇ ਬੈਨਰ ਹੇਠ ਪਟਿਆਲਾ ਵਿਖੇ ਪਾਵਰਕੋਮ (PSPCL) ਅਤੇ ਟ੍ਰਾਂਸਕੋ (PSTCL) ਦੇ ਮੁੱਖ ਦਫ਼ਤਰਾਂ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ।
ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਾਵਰਕੋਮ ਦੀਆਂ ਕੀਮਤੀ ਜ਼ਮੀਨਾਂ ਨੂੰ ਵੇਚਣ ਦੀ ਯੋਜਨਾ ਬਣਾ ਰਹੀ ਹੈ, ਜੋ ਕਿ ਇੱਕ ਗਲਤ ਫੈਸਲਾ ਹੈ । ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਜ਼ਮੀਨਾਂ ਦੀ ਵਰਤੋਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਜਾਵੇ ।
ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 'ਬਿਜਲੀ ਸੋਧ ਬਿੱਲ 2025' ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਖੇਤਰ ਦਾ ਨਿੱਜੀਕਰਣ ਹੋਵੇਗਾ ਅਤੇ ਗਰੀਬਾਂ ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਖ਼ਤਮ ਹੋ ਜਾਵੇਗੀ ।
ਕਮੇਟੀ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਰੋਪੜ ਵਿਖੇ 800 ਮੈਗਾਵਾਟ ਦੇ ਦੋ ਸੁਪਰਕ੍ਰਿਟੀਕਲ ਥਰਮਲ ਯੂਨਿਟਾਂ ਦੀ ਸਥਾਪਨਾ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਬਿਜਲੀ ਖੇਤਰ ਵਿੱਚ ਆਤਮ-ਨਿਰਭਰ ਬਣ ਸਕੇ ।
ਸਾਂਝੀ ਐਕਸ਼ਨ ਕਮੇਟੀ ਨੇ 12 ਫਰਵਰੀ 2026 ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਅਪੀਲ ਕੀਤੀ ਹੈ। ਇਸ ਧਰਨੇ ਨੂੰ ਇੰਜ: ਅਜੇਪਾਲ ਸਿੰਘ ਅਟਵਾਲ, ਇੰਜ: ਪਦਮਜੀਤ ਸਿੰਘ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਸੰਬੋਧਨ ਕੀਤਾ।