ਬੇਰੁਜ਼ਗਾਰੀ ਅਤੇ ਝੂਠੇ ਪਰਚਿਆਂ ਤੋਂ ਖ਼ਫ਼ਾ ਬੇਰੁਜ਼ਗਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 11 ਫਰਵਰੀ 2025: ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ ਹੱਕੀ ਮੰਗਾਂ ਖਾਤਰ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਹੇਠ 2 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਬੇਰੁਜ਼ਗਾਰ ਆਗੂਆਂ ਨੇ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਮੀਟਿੰਗ ਉਪਰੰਤ ਪ੍ਰੈਸ ਬਿਆਨ ਰਾਹੀਂ ਕਿਹਾ ਕਿ 'ਬਦਲਾਅ' ਦਾ ਹੋਕਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਕਾਂਗਰਸ, ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ਤੋਂ ਵੀ ਮਾਰੂ ਨਿਕਲੀ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੋਗਤਾ ਅਨੁਸਾਰ ਰੁਜ਼ਗਾਰ ਦੇਣ ਦੀ ਥਾਂ ਕਾਂਗਰਸ ਸਰਕਾਰ ਸਮੇਂ ਰੁਜ਼ਗਾਰ ਮੰਗਣ ਵਾਲੇ ਬੇਰੁਜ਼ਗਾਰ ਆਗੂਆਂ ਖਿਲਾਫ ਦਰਜ ਝੂਠੇ ਪੁਲਿਸ ਕੇਸਾਂ ਦੇ ਮਾਮਲੇ ਵਿੱਚ ਬੇਰੁਜ਼ਗਾਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਹੱਕ ਮੰਗਦੇ ਲੋਕਾਂ ਦੀ ਜ਼ੁਬਾਨ ਬੰਦੀ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਬੇਰੁਜ਼ਗਾਰ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰਨ ਦੇ ਨਾਲ ਨਾਲ ਸਰਕਾਰਾਂ ਦੇ ਝੂਠੇ ਵਿਕਾਸ ਦਾਵਿਆਂ ਨੂੰ ਜੱਗ ਜ਼ਾਹਰ ਕਰਦੇ ਆ ਰਹੇ ਹਨ।
ਆਗੂਆਂ ਨੇ ਕਿਹਾ ਕਿ 'ਆਪ' ਸਮੇਤ ਸਮੁੱਚੇ ਪੰਜਾਬੀਆਂ ਨੂੰ ਪਤਾ ਹੈ ਕਿ ਕਾਂਗਰਸ ਤੋਂ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਉੱਤੇ ਕਾਂਗਰਸ ਸਰਕਾਰ ਨੇ ਜ਼ਬਰ ਕਰਦਿਆਂ ਝੂਠੇ ਪੁਲਿਸ ਕੇਸ ਦਰਜ ਕਰਕੇ ਰੱਖ ਲਏ ਸਨ ਜਿਸ ਬਾਰੇ ਬੇਰੁਜ਼ਗਾਰਾਂ ਨੂੰ ਕੋਈ ਜਾਣਕਾਰੀ ਵੀ ਨਹੀਂ ਸੀ। ਉਨ੍ਹਾਂ ਕੇਸਾਂ ਵਿੱਚ ਪੁਲਿਸ ਵੱਲੋਂ ਬੇਰੁਜ਼ਗਾਰ ਆਗੂਆਂ ਨੂੰ ਗ੍ਰਿਫਤਾਰ ਕਰਨ ਦੀਆਂ ਧਮਕੀਆਂ ਦੇਣਾ ਦਰਸਾਉਂਦਾ ਹੈ ਕਿ ਇਹ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਜਿਆਦਾ ਬੇਰੁਜ਼ਗਾਰ ਵਿਰੋਧੀ ਹੈ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਤੋਂ ਤੰਗ ਸੂਬੇ ਦੇ ਬੇਰੁਜ਼ਗਾਰ ਨੌਜਵਾਨ ਅਮਰੀਕਾ ਸਮੇਤ ਦੁਨੀਆਂ ਭਰ ਵਿੱਚ ਜਾਇਜ/ਨਜਾਇਜ਼ ਢੰਗ ਨਾਲ ਜਾਣ ਲਈ ਮਜਬੂਰ ਹੋ ਰਹੇ ਹਨ।ਜੇਕਰ ਸਾਡੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ ਤਾਂ ਸਾਡੇ ਨੌਜਵਾਨਾਂ ਨੂੰ ਅਮਰੀਕਾ ਵਰਗੇ ਸਾਮਰਾਜੀ ਮੁਲਕਾਂ ਦੇ ਜਬਰ ਦਾ ਸ਼ਿਕਾਰ ਨਾ ਹੋਣਾ ਪਵੇ।ਇਸ ਮੌਕੇ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਰੁਜ਼ਗਾਰ ਦੀ ਮੰਗ ਅਤੇ ਝੂਠੇ ਪੁਲਿਸ ਕੇਸ ਰੱਦ ਕਰਨ ਲਈ 2 ਮਾਰਚ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰੀਬ ਤਿੰਨ ਸਾਲ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਅਸਾਮੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ।ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਜਾਰੀ ਕਰਵਾਉਣ, ਉਮਰ ਹੱਦ ਛੋਟ ਲੈਣ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ ਸ਼ਰਤ ਗਰੈਜੁਏਸ਼ਨ ਵਿੱਚੋ 55 ਪ੍ਰਤੀਸ਼ਤ ਅੰਕ ਲਾਜ਼ਮੀ ਨੂੰ ਰੱਦ ਕਰਵਾਉਣ, ਲੈਕਚਰਾਂ ਲੈਕਚਰਾਰ ਦੀਆਂ 343 ਰੱਦ ਕੀਤੀਆਂ ਪੋਸਟਾਂ ਵਿੱਚ ਵਿਸ਼ਿਆਂ ਦੀਆਂ ਅਸਾਮੀਆਂ ਐਡ ਕਰਵਾ ਕੇ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਦਾ ਉਮਰ ਹੱਦ ਛੋਟ ਸਮੇਤ ਇਸ਼ਤਿਹਾਰ ਜਾਰੀ ਕਰਵਾਉਣ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦਾ ਲਿਖਤੀ ਪੇਪਰ ਤੁਰੰਤ ਕਰਵਾਉਣ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਮਨਜੂਰ ਹੋ ਚੁੱਕੀਆਂ 270 ਅਸਾਮੀਆਂ ਦਾ ਇਸ਼ਤਿਹਾਰ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ ਦੀ ਮੰਗ ਅਤੇ ਬੇਰੁਜ਼ਗਾਰਾਂ ਉਪਰ ਪਿਛਲੀ ਕਾਂਗਰਸ ਸਰਕਾਰ ਮੌਕੇ ਵੱਖ ਵੱਖ ਥਾਵਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਾਨਸਾ ਵਿਖੇ ਦਰਜ ਕੀਤੇ ਪਰਚਿਆਂ ਨੂੰ ਬਿਨਾ ਸ਼ਰਤ ਰੱਦ ਕਰਵਾਉਣ ਲਈ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਅਮਨ ਸੇਖਾ, ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।